ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 9 ਮਾਰਚ 2021-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੱਲ੍ਹ ਪੇਸ਼ ਕੀਤੇ ਗਏ ਬਜ਼ਟ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਪਹਿਲਾਂ ਵਰਕਰਾਂ ਤੇ ਹੈਲਪਰਾਂ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਇਕੱਤਰ ਹੋਈਆਂ ਤੇ ਫਿਰ ਕੋਟਕਪੂਰਾ ਚੌਂਕ ਵਿੱਚ ਆ ਕੇ ਬਜ਼ਟ ਦੀਆਂ ਕਾਪੀਆਂ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਾਸਤੇ ਇਸ ਬਜ਼ਟ ਸ਼ੈਸ਼ਨ ਦੌਰਾਨ ਕੱਖ ਨਹੀਂ ਰੱਖਿਆ ਗਿਆ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕੁੱਝ ਦੇਣ ਦੀ ਬਜਾਏ ਉਲਟਾ ਜਿਹੜੇ ਪੈਸੇ ਅਕਤੂਬਰ 2018 ਵਿੱਚ ਕੇਂਦਰ ਸਰਕਾਰ ਨੇ ਵਧਾਏ ਸਨ , ਉਹ ਵੀ ਨੱਪ ਲਏ ਹਨ । ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਕੁੱਝ ਦਿਨ ਪਹਿਲਾਂ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬੁਲਾ ਕੇ ਇਹ ਭਰੋਸਾ ਦਿਵਾਇਆ ਸੀ ਕਿ ਬਜ਼ਟ ਸ਼ੈਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਵਾਧਾ ਕੀਤਾ ਜਾਵੇਗਾ, ਪਰ ਅਜਿਹਾ ਕੁੱਝ ਨਹੀਂ ਹੋਇਆ ਤੇ ਮੰਤਰੀ ਨੇ ਵੀ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਫੈਸਲੇ ’ਤੇ ਮੁੜ ਗੌਰ ਕਰੇ ਤੇ ਉਨ੍ਹਾਂ ਦੇ ਮਾਣਭੱਤੇ ਵਿੱਚ ਹਰਿਆਣਾ ਪੈਟਰਨ ’ਤੇ ਵਾਧਾ ਕੀਤਾ ਜਾਵੇ । ਆਗੂਆਂ ਨੇ ਇਹ ਵੀ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਦੀ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ, ਪਰ ਜਥੇਬੰਦੀ ਹੁਣ ਸਰਕਾਰ ਨੂੰ ਸਬਕ ਸਿਖਾਵੇਗੀ। ਇਸ ਮੌਕੇ ਕਿਰਨਪਾਲ ਕੌਰ ਮਹਾਬੱਧਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਅੰਮਿ੍ਰਤਪਾਲ ਕੌਰ ਥਾਂਦੇਵਾਲਾ, ਰਾਜਪਾਲ ਕੌਰ ਚੜੇਵਾਨ ਤੇ ਹੋਰ ਆਗੂ ਮੌਜੂਦ ਸਨ ।