ਹਰਜਿੰਦਰ ਸਿੰਘ ਭੱਟੀ
ਐਸ ਏ ਐਸ ਨਗਰ, 25 ਮਾਰਚ 2021 - ਕੰਢੀ ਖੇਤਰ ਵਿੱਚ ਪਾਣੀ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਪ੍ਰੇਰਿਤ ਕਰਨ ਲਈ ਪਿੰਡ ਤਿਉੜ ਵਿਖੇ ਕਿਸਾਨ ਕੈਂਪ ਲਗਾਇਆ ਗਿਆ। ਡਾ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ "ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ" ਪ੍ਰੋਗਰਾਮ ਤਹਿਤ ਇਸ ਤਰ੍ਹਾਂ ਦੇ ਕਿਸਾਨ ਕੈਂਪ ਲਗਾਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਅਗਾਂਹਵਧੂ ਕਿਸਾਨ ਬਲਜਿੰਦਰ ਸਿੰਘ ਪਿੰਡ ਭਜੋਲੀ ਮੈਂਬਰ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਫਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਬਾਰੇ ਅਪਣਾਏ ਤਰੀਕੇ ਕਿਸਾਨਾਂ ਨਾਲ ਸਾਂਝੇ ਕੀਤੇ । ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਜਮੀਨ ਵਿਚਲੇ ਬਹੁਤ ਸਾਰੇ ਸੂਖਮ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਜਦੋਂ ਕਿ ਪਰਾਲੀ ਨੂੰ ਜਮੀਨ ਵਿੱਚ ਰਲਾਉਣ ਨਾਲ ਉਪਜਾਊ ਸ਼ਕਤੀ ਵੱਧਦੀ ਹੈ।
ਇਸ ਮੌਕੇ ਡਾ ਹਰਮੀਤ ਕੌਰ ਸਹਾਇਕ ਪ੍ਰੋਫੈਸਰ ਕੇ.ਵੀ.ਕੇ ਕੇਂਦਰ ਮੋਹਾਲੀ ਨੇ ਕਿਸਾਨਾਂ ਨੂੰ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ ਮਾਜਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਅਤੇ ਲੇਬਰ ਦੀ ਕਮੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ,ਬਾਸਮਤੀ ਅਤੇ ਮੱਕੀ ਦੀ ਫਸਲ ਦੀ ਬਿਜਾਈ ਕਰਨ ਵੱਲ ਆਉਣਾ ਚਾਹੀਦਾ ਹੈ।
ਇਸ ਮੌਕੇ ਕਿਸਾਨ ਮੇਗਰਾਜ,ਸੋਨੂੰ,ਸ਼ਤੀਸ ਰਾਣਾ,ਸੰਗਤ ਸਿੰਘ ਅਤੇ ਸਟਾਫ ਹਾਜਰ ਸੀ।