ਚੌਵੇਸ਼ ਲਟਾਵਾ
ਅਨੰਦਪੁਰ ਸਾਹਿਬ, 27 ਮਾਰਚ 2021 - ਹੋਲਾ ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ 24 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਨ ਦੇ ਨਾਲ ਆਰੰਭ ਹੋਇਆ ਸੀ। ਉਸ ਦੀ ਲੰਘੇ ਦਿਨ ਸਮਾਪਤੀ ਹੋ ਗਈ ਹੈ। ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ਾਲਸਾਈ ਆਨ ਬਾਨ ਤੇ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ ਜਿੱਥੇ ਸੰਗਤਾਂ ਵੱਲੋਂ ਗੁਰੂ ਚਰਨਾਂ ਦੇ ਵਿਚ ਹਾਜ਼ਰੀਆਂ ਲਗਾਈਆਂ ਗਈਆਂ ਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਤਾਈ ਮਾਰਚ ਤੋਂ ਹੋਲੇ ਮਹੱਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ ਜਿੱਥੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ । ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਕਿਸੇ ਤਰ੍ਹਾਂ ਦੇ ਬਹਿਕਾਵੇ ਵਿਚ ਨਾ ਆਉਣ ਅਤੇ ਹੁੰਮ ਹੁਮਾ ਕੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਓਹਨਾ ਬਾਹਰੀ ਤਾਕਤਾਂ ਨੂੰ ਸਖਤ ਚੇਤਾਵਨੀ ਦਿੱਤੀ ਜਿਹਨਾਂ ਵੱਲੋਂ ਖ਼ਾਲਸੇ ਦੇ ਕੌਮੀ ਤਿਓਹਾਰ ਸੰਬੰਧੀ ਸੋਸ਼ਲ ਮੀਡੀਆ ਰਾਹੀਂ ਸੰਗਤ ਦੇ ਮਨ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਓਹਨਾ ਕਿਹਾ ਕਿ ਅਜਿਹੇ ਲੋਕਾਂ ਖਿਲਾਫ ਸਖਤੀ ਨਾਲ ਨਿਪਟਿਆ ਜਾਊਗਾ।