ਬਲਵਿੰਦਰ ਸਿੰਘ ਧਾਲੀਵਾਲ
- ਪੇਂਡੂ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਸੁਲਤਾਨਪੁਰ ਲੋਧੀ, 7 ਅਪ੍ਰੈਲ 2021 - ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਦਿਹਾਤੀ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਬਣਦਾ ਲਾਭ ਤੁਰੰਤ ਦਿੱਤਾ ਜਾ ਸਕੇ।
ਅੱਜ ਇੱਥੇ ਸਥਾਨਕ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਸਿੱਖਿਆ ਵਿਭਾਗ, ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਵਿਕਾਸ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਸੌਲਿਡ ਵੇਸਟ ਮੈਨੇਜਮੈਂਟ ਤਹਿਤ ਕੰਮ ਵਿਚ ਦੇਰੀ ਦਾ ਗੰਭੀਰ ਨੋਟਿਸ ਲਿਆ ਅਤੇ ਇਨ੍ਹਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਖੇਡ ਦੇ ਮੈਦਾਨਾਂ, ਕੈਟਲ ਸ਼ੈਡ ਦੇ ਨਿਰਮਾਣ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਮਨਰੇਗਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਵੀ ਜਾਇਜ਼ਾ ਲਿਆ।
ਜਲ ਜੀਵਨ ਮਿਸ਼ਨ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਵਿੱਤੀ ਸਾਲ 2021-22 ਤਹਿਤ 35 ਹਜ਼ਾਰ ਟੈਬ ਲਾਉਣ ਦਾ ਟੀਚਾ ਹੈ, ਜੋ ਕਿ ਪਿਛਲੇ ਸਾਲ 23300 ਸੀ। ਇਸ ਟੀਚੇ ਨੂੰ ਵਿਭਾਗ ਵਲੋਂ ਮੁਕੰਮਲ ਕਰ ਲਿਆ ਗਿਆ ਸੀ। ਉਨ੍ਹਾਂ ਕਮਿਉੂਨਿਟੀ ਸੈਨੈਟਰੀ ਕੰਪਲੈਕਸਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ , ਜਿਸ ਤਹਿਤ ਹੁਣ ਤੱਕ 38 ਵਿਚੋਂ 17 ਦਾ ਕੰਮ ਪੂਰਾ ਕਰ ਲਿਆ ਗਿਆ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਡੀ.ਡੀ.ਪੀ.ਓ ਲਖਵਿੰਦਰ ਸਿੰਘ, ਸਮੂਹ ਬੀ.ਡੀ.ਪੀ.ਓ. ਤੇ ਹੋਰ ਅਧਿਕਾਰੀ ਹਾਜ਼ਰ ਸਨ।