← ਪਿਛੇ ਪਰਤੋ
ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਵੱਲੋਂ ਰਾਮਗੜ੍ਹੀਆ ਬੁੰਗਿਆਂ ਦਾ ਨਵੀਨੀਕਰਨ ਕਾਰਜ ਸ਼ੁਰੂ ਕਰਨ ਦੀ ਸ਼ਲਾਘਾ ਹਰਦਮ ਮਾਨ ਸਰੀ, 8 ਅਪ੍ਰੈਲ 2021-ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਜੱਬਲ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸਥਿਤ ਇਤਿਹਾਸਕ ਰਾਮਗੜ੍ਹੀਆ ਬੁੰਗਿਆਂ ਦੇ ਨਵੀਨੀਕਰਨ ਦੀ ਕਾਰ ਸੇਵਾ ਸ਼ੁਰੂ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਹੈ। ਇਸ ਸਬੰਧ ਵਿਚ ਬੀਬੀ ਜਗੀਰ ਕੌਰ ਨੂੰ ਭੇਜੇ ਇਕ ਲਿਖਤੀ ਪੱਤਰ ਵਿਚ ਸੁਰਿੰਦਰ ਸਿੰਘ ਜੱਬਲ ਨੇ ਕਿਹਾ ਹੈ ਕਿ ਇਤਿਹਾਸਕ ਰਾਮਗੜ੍ਹੀਆ ਬੁੰਗਿਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰੋਂ ਰਸਤਾ ਪ੍ਰਦਾਨ ਕਰਨ ਦਾ ਜੋ ਇਤਿਹਾਸਕ ਫੈਸਲਾ ਕੀਤਾ ਹੈ ਉਸ ਕਾਰਜ ਲਈ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ (ਉੱਤਰੀ ਅਮਰੀਕਾ ਵਿਚ ਰਾਮਗੜ੍ਹੀਆ ਭਾਈਚਾਰੇ ਦੀ ਸਭ ਤੋਂ ਵੱਡੀ ਸੰਸਥਾ) ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਬੇਹੱਦ ਧੰਨਵਾਦੀ ਹੈ ਅਤੇ ਇਸ ਇਤਿਹਾਸਕ ਫੈਸਲੇ ਲਈ ਸਮੁੱਚਾ ਸਿੱਖ ਭਾਈਚਾਰਾ ਵਧਾਈ ਦਾ ਹੱਕਦਾਰ ਹੈ। ਜੱਬਲ ਨੇ ਕਿਹਾ ਕਿ ਇਹ ਇਤਿਹਾਸਕ ਬੁੰਗੇ ਕੇਵਲ ਰਾਮਗੜ੍ਹੀਆ ਭਾਈਚਾਰੇ ਦੇ ਹੀ ਨਹੀਂ ਸਗੋਂ ਸਮੁੱਚੀ ਸਿੱਖ ਕੌਮ ਦੀ ਵਿਰਾਸਤ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੁਰਾਤਤਵ ਮਾਹਿਰਾਂ ਦੀ ਨਿਗਰਾਨੀ ਹੇਠ ਇਨ੍ਹਾਂ ਦਾ ਨਵੀਨੀਕਰਨ ਕਰਵਾ ਕੇ ਇੱਥੇ 12 ਸਿੱਖ ਮਿਸਲਾਂ ਦਾ ਇਤਿਹਾਸ ਮਲਟੀਮੀਡੀਆ ਰਾਹੀਂ ਦਰਸਾਉਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸੁਰਿੰਦਰ ਸਿੰਘ ਜੱਬਲ ਨੇ ਇਕ ਵੱਖਰੇ ਪੱਤਰ ਰਾਹੀਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਵੱਲੋਂ ਇਸ ਇਤਿਹਾਸਕ ਫੈਸਲੇ ਦੀ ਪਿੱਠਭੂਮੀ ਵਿਚ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਸਦਕਾ ਅਮਲੀ ਜਾਮਾ ਪਹਿਨਾਉਣ ਲਈ ਨਿਭਾਈਆਂ ਸੇਵਾਵਾਂ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਦੇ ਬਾਨੀ ਜੈਤੇਗ ਸਿੰਘ ਅਨੰਤ ਨੇ ਵੀ ਸਿੱਖ ਕੌਮ ਦੀ ਬੇਨਿਆਜ਼ ਹਸਤੀ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਬੁੰਗਾ ਦੇ ਨਵੀਨੀਕਰਨ ਨੂੰ ਇਕ ਇਤਿਹਾਸਕ ਫ਼ੈਸਲਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਹ ਬੁੰਗੇ ਸਿੱਖ ਕੌਮ ਦਾ ਵਿਰਸਾ ਤੇ ਵਿਰਾਸਤ ਹਨ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਇਸ ਕਾਰਜ ਲਈ ਮੁਬਾਰਕਬਾਦ ਦਿੱਤੀ ਹੈ।
Total Responses : 929