ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 9 ਅਪ੍ਰੈਲ 2021 - ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੇਸ਼ ਭਰ ਦੇ ਵੱਖ ਵੱਖ ਜ਼ਿਲਿਆਂ ਵਿੱਚ 10 ਅਪ੍ਰੈਲ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਆਮ ਲੋਕਾਂ ਨੂੰ ਛੇਤੀ ਅਤੇ ਸਸਤਾ ਨਿਆਂ ਦਿਵਾਇਆ ਜਾ ਸਕੇ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਫਰੀਦਕੋਟ ਵਿਖੇ 10 ਅਪ੍ਰੈਲ 2021 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰਾਂ ਦੇ ਕੇਸ ਲਗਾਏ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਲੱਗਣ ਵਾਲੀ ਇਸ ਲੋਕ ਅਦਾਲਤ ਵਿੱਚ 6 ਬੈਂਚ ਲਗਾਏ ਜਾਣਗੇ।
ਸੀ.ਜੇ.ਐਮ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਅਮਨ ਸ਼ਰਮਾ ਨੇ ਜਾਣਕਾਰੀ ਦਿੱਦਿਆਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਪੈੰਡਿਗ ਕੇਸ ਅਤੇ ਪ੍ਰੀ-ਲੀਟੀਗੇਟਵ ਕੇਸ ਸਲੈਕਟ ਕੀਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਸਸਤਾ ਹੋ ਸਕੇ।
ਸੀ. ਜੇ. ਐਮ ਮੈਡਮ ਅਮਨ ਸ਼ਰਮਾ ਨੇ ਅੱਗੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਹਾਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਉਨਾਂ ਕਿਹਾ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਫੈਸਲਾ ਲੋਕ ਅਦਾਲਤ ਵਿੱਚ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੇ ਮੌਕੇ ਤੇ ਆਉਣ ਸਮੇਂ ਕੋਵਿਡ 19 ਤੋਂ ਬਚਾਓ ਲਈ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਮਾਸਕ ਪਹਿਨਣਾ, ਸਮਾਜਿਕ ਦੂਰੀ, ਸੈਨੇਟਾਈਜੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇ।