ਚੰਡੀਗੜ੍ਹ, 10 ਅਪ੍ਰੈਲ 2021-ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸ਼ੁੱਕਰਵਾਰ ਨੂੰ ਸੁਣਾਏ ਗਏ ਫੈਸਲੇ ਤੋਂ ਉਤਪੰਨ ਸਥਿੱਤੀ ’ਤੇ ਵਿਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਵੱਲੋਂ ਇੱਕ ਹੰਗਾਮੀ ਮੀਟਿੰਗ 12 ਅਪ੍ਰੈਲ ਨੂੰ ਸਵੇਰੇ 11 ਵਜੇ ਪਾਰਟੀ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਹੋਵੇਗੀ। ਇਹ ਜਾਣਕਾਰੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਨੇ ਦਿੰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ’ਚ ਹੋਣ ਵਾਲੀ ਇਸ ਮੀਟਿੰਗ ਵਿੱਚ ਹਾਈਕੋਰਟ ਦੇ ਫੈਸਲੇ ’ਤੇ ਵਿਚਾਰਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਬਾਦਲ ਪਰਿਵਾਰ ਅਤੇ ਕੈਪਟਨ ਸਰਕਾਰ ਦੀ ਮਿਲੀਭੁਗਤ ਕਾਰਨ ਸਿੱਖ ਕੌਮ ਨੂੰ ਮਿਲਣ ਵਾਲੇ ਇਨਸਾਫ਼ ਦੀ ਡਗਰ ਹੁਣ ਹੋਰ ਦੂਰ ਹੋ ਗਈ ਹੈ। ਉਨ੍ਹਾਂ ਕਿਹ ਾਕਿ ਪੰਜਾਬ ਸਰਕਾਰ ਦੇ ਵਕੀਲਾਂ ਦਾ ਇਸ ਮਾਮਲੇ ਵਿੱਚ ਬਿਨਾਂ ਕਿਸੇ ਖਾਸ ਉਜ਼ਰ ਦੇ ਹਾਈ ਕੋਰਟ ਵਿੱਚ ਯਕਦਮ ਹਥਿਆਰ ਸੁੱਟ ਦੇਣਾ ਸਿੱਖ ਕੌਮ ਵਿਰੁੱਧ ਕੀਤੀ ਗਈ ਕਿਸੇ ਗੰਭੀਰ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ। ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਤੋਂ ਇਲਾਵਾ 1 ਮਈ ਨੂੰ ਆ ਰਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ, ਦਿੱਲੀ ਸਿੱਖ ਗੁਰਦਵਾਰਾ ਮੈਨੇਜ਼ਮੈਂਟ ਕਮੇਟੀ ਦੀਆਂ ਚੱਲ ਰਹੀਆਂ ਚੋਣਾਂ, ਕਿਸਾਨ ਅੰਦੋਲਨ ਅਤੇ ਇਸ ਦੀ ਪ੍ਰਗਤੀ, ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਪੰਜਾਬ ਦੇ ਆੜ੍ਹਤੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਰੇੜਕੇ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ।