ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ 2021-ਮਿਸ਼ਨ ਤੰਦਰੁਸਤ ਪੰਜਾਬ ਅਤੇ ਪੰਜਾਬ ਸਰਕਾਰ ਦੀ ਮੁਹਿੰਮ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ, ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਕੁਲਦੀਪ ਸਿੰਘ ਜੌੜਾ ਦੀ ਅਗਵਾਈ ਵਿੱਚ ਪਿੰਡ ਸੰਗਰਾਣਾ ਵਿਖੇ ਸਪੈਸ਼ਲ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੌਰਾਨ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਅਤੇ ਸਾਇੰਸਦਾਨਾਂ ਵੱਲੋਂ ਆਏ ਹੋਏ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਸਾਉਣੀ 2021 ਦੀਆ ਫਸਲਾਂ ਲਈ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ। ਕਰਨਜੀਤ ਸਿੰਘ ਪ੍ਰੋਜੈਕਟ ਡਾਇਰੇੈਕਟਰ ਆਤਮਾ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀਆ ਵੱਖ-ਵੱਖ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ। ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪੀ.ਐਮ. ਕਿਸਾਨ ਯੋਜਨਾ ਦੇ ਲਾਭਪਾਤਰੀਆ ਨੂੰ ਕਿਸਾਨ ਕਰੈਡਿਟ ਕਾਰਡ ਦੀਆ ਸੁਵਿਧਾਵਾਂ ਦੇਣ ਬਾਰੇ ਅਤੇ ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਮਨਮੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਜਾਗਰੁੂਕ ਕੀਤਾ ਗਿਆ। ਇੰਜਨੀਅਰਿੰਗ ਵਿੰਗ ਤੋਂ ਅਭੈਜੀਤ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਜਿਵੇ ਕਿ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਚੋਪਰ ਆਦਿ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ । ਬਲਾਕ ਖੇਤੀਬਾੜੀ ਅਫ਼ਸਰ ਡਾ. ਕੁਲਦੀਪ ਸਿੰਘ ਜੌੜਾ ਵੱਲੋਂ ਕਿਸਾਨਾਂ ਨੁੂੰ ਖੇਤੀ ਖਰਚੇ ਘਟਾਉਣ ਅਤੇ ਜਹਿਰ ਮੁਕਤ ਖੇਤੀ ਕਰਨ ਅਤੇ ਨਰੋੋਆ ਖੇਤੀ ਸਾਹਿਤ ਪੜ੍ਹਨ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਵੱਖ-ਵੱਖ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਣਕ ਦੀ ਸੁੱਕੀ ਕਟਾਈ ਕਰਨ ਉਪਰੰਤ ਹੀ ਕਣਕ ਨੂੰ ਅਨਾਜ ਮੰਡੀਆਂ ਵਿੱਚ ਵੇਚਣ ਲਈ ਲਿਜਾਇਆ ਜਾਵੇ ਤਾਂ ਜੋ ਉਹਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਤਿੰਦਰ ਸਿੰਘ ਸੀਨੀਅਰ ਟੈਕਨੀਸ਼ੀਅਨ, ਜਤਿੰਦਰ ਸਿੰਘ, ਹਰਭਜਨ ਸਿੰਘ, ਸਤਿੰਦਰ ਕੁਮਾਰ, ਸੇਵਕ ਸਿੰਘ, ਅਵਤਾਰ ਸਿੰਘ ਖੇਤੀਬਾੜੀ ਉੱਪ ਨਿਰੀਖਕ, ਹਰਦੀਪ ਸਿੰਘ, ਗਗਨਦੀਪ ਸਿੰਘ ਏ.ਟੀ.ਐਮ (ਆਤਮਾ)ਅਤੇ ਕਿਸਾਨ ਮੌਜੂਦ ਸਨ ।