ਗੁਰਪ੍ਰੀਤ ਸਿੰਘ ਮੰਡਿਆਣੀ
- ਪਹਿਲੇ ਦਿਨ ਮੁੱਖ ਦਾਣਾ ਮੰਡੀ ਮੋਗਾ ਵਿੱਚ 1500 ਕੁਇੰਟਲ ਕਣਕ ਦੀ ਆਮਦ
- 148 ਅਸਥਾਈ ਯਾਰਡ ਵੀ ਖਰੀਦ ਸਟੇਸ਼ਨ ਵਜੋਂ ਨਿਰਧਾਰਤ
- ਏਜੰਸੀਆਂ ਨੂੰ ਖਰੀਦ ਵੰਡ ਟੀਚੇ ਜਾਰੀ, ਕਿਸਾਨਾਂ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ - ਡਿਪਟੀ ਕਮਿਸ਼ਨਰ
ਮੋਗਾ, 10 ਅਪ੍ਰੈਲ 2021 - ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ ਮਿਤੀ 10 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਅੱਜ ਪਹਿਲੇ ਦਿਨ ਮੋਗਾ ਦੀ ਮੁੱਖ ਮੰਡੀ ਵਿੱਚ 1500 ਕੁਇੰਟਲ ਕਣਕ ਦੀ ਆਮਦ ਹੋਈ। ਖਰੀਦ ਲਈ ਸਾਰੀਆਂ ਖਰੀਦ ਏਜੰਸੀਆਂ ਨੂੰ ਖਰੀਦ ਵੰਡ ਸਬੰਧੀ ਟੀਚੇ ਜਾਰੀ ਕਰ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ 148 ਹੋਰ ਅਸਥਾਈ ਯਾਰਡਾਂ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਰ ਖਰੀਦ ਕੇਂਦਰ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ (23 ਫੀਸਦੀ), ਮਾਰਕਫੈੱਡ (22 ਫੀਸਦੀ), ਪਨਸਪ (22 ਫੀਸਦੀ), ਵੇਅਰ ਹਾਊਸ (13 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ (20 ਫੀਸਦੀ) ਨੂੰ ਖਰੀਦ ਵੰਡ ਕਰ ਦਿੱਤੀ ਗਈ ਹੈ। ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਕਰ ਲਏ ਗਏ ਸਨ।
ਜ਼ਿਲ੍ਹਾ ਮੰਡੀ ਅਫ਼ਸਰ ਸ੍ਰ. ਮਨਦੀਪ ਸਿੰਘ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਟੋਕਨ ਸਿਸਟਮ ਨਾਲ ਖਰੀਦ ਕੀਤੀ ਜਾਵੇਗੀ। ਆੜਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਇਆ ਜਾਵੇਗਾ। ਹਰੇਕ ਮੰਡੀ ਵਿੱਚ ਇਸ ਲਈ ਹੱਥ ਧੋਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ਼੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ ਸੁੱਕੀ ਕਣਕ ਹੀ ਲਿਉਣ ਤਾਂ ਜੌ ਉਹਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਬੈਠਣਾ ਨਾ ਪਵੇ।