ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ 2021-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਖੇਤੀ ਵਿਰੋਧੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਵਾਲਾ ਆਰਡੀਨੈਂਸ ਵਾਪਸ ਕਰਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਲਈ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਹਮਾਇਤ ਵਿਚ ਨਿੱਤਰੀਆਂ ਹੋਈਆਂ ਹਨ। ਇਸੇ ਤਹਿਤ ਡੈਮਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀਆਂ ਵੱਖ-ਵੱਖ ਜੱਥੇਬੰਦੀਆਂ, ਜਿਵੇਂ ਕਿ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ, ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ, ਟੈਕਨੀਕਲ ਐਂਡ ਮਕੈਨੀਕਲ ਯੂਨੀਅਨ ਪੰਜਾਬ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮ 23 ਤੋਂ 26 ਅਪ੍ਰੈਲ ਤੱਕ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣਗੇ। ਇਸ ਗੱਲ ਦਾ ਪ੍ਰਗਟਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਮੀਟਿੰਗ ਵਿਚ ਜ਼ਿਲਾ ਆਗੂਆਂ ਪਵਨ ਕੁਮਾਰ, ਰਮਨਜੀਤ ਕੌਰ, ਰਾਮਜੀ ਸਿੰਘ ਭਲਾਈਆਣਾ, ਜਗਸੀਰ ਸਿੰਘ ਅਤੇ ਕਰਮਜੀਤ ਕੌਰ ਨੇ ਕੀਤਾ। ਆਗੂਆਂ ਨੇ ਐਲਾਨ ਕੀਤਾ ਕਿ ਉਹ ਕਿਸਾਨ ਸੰਘਰਸ਼ ਦੀ ਹਰ ਪੱਖੋਂ ਸਹਾਇਤਾ ਕਰਨਗੇ ਅਤੇ ਇਸ ਸੰਘਰਸ਼ ਨੂੰ ਜਿੱਤ ਤੱਕ ਪਹੁੰਚਾਉਣ ਵਿਚ ਯੋਗਦਾਨ ਪਾਉਣਗੇ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਵਾਢੀ ਦੇ ਦਿਨ ਹੋਣ ਕਾਰਨ ਮੁਲਾਜ਼ਮਾਂ ਵੱਲੋਂ ਕਿਸਾਨਾਂ ਦੀ ਇਹ ਹਮਾਇਤ ਬਹੁਤ ਲਾਹੇਵੰਦ ਹੋਵੇਗੀ। ਇਸ ਮੌਕੇ ਰਾਜਵਿੰਦਰ ਕੌਰ, ਸਰੋਜ ਰਾਣੀ, ਰਾਜਵਿੰਦਰ ਸਿੰਘ, ਅਸ਼ੋਕ ਪੂਨੀਆ, ਸੁਭਾਸ਼ ਚੰਦਰ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਜਤਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਵਿਸ਼ੂ ਛਾਬੜਾ, ਹਰਜੀਤ ਸਿੰਘ ਹਾਜ਼ਰ ਸਨ।