ਬੁੱਢਾ ਦਲ ਵੱਲੋਂ ਪੰਥਕ ਅਰਦਾਸ ਨਾਲ ਗੁਰਮਤਿ ਸਮਾਗਮ ਅੱਜ ਤੋਂ ਸ਼ੁਰੂ
ਸ੍ਰੀ ਦਮਦਮਾ ਸਾਹਿਬ, 12 ਅਪ੍ਰੈਲ 2021-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬੁੱਢਾ ਦਲ ਵੱਲੋਂ ਵਿਸਾਖੀ ’ਤੇ ਅੱਜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸ਼ਮ ਗ੍ਰੰਥ ਅਤੇ ਸ੍ਰੀ ਸਰਬ ਲੋਹ ਦੇ ਅਖੰਡ ਪਾਠ ਆਰੰਭ ਹੋਏ, ਜਿੰਨ੍ਹਾਂ ਦੇ ਭੋਗ 14 ਅਪ੍ਰੈਲ ਨੂੰ ਪਾਏ ਜਾਣਗੇ। ਅੱਜ ਅਰੰਭਕ ਅਰਦਾਸ ਬੁੱਢਾ ਦਲ ਦੇ ਮੁਖ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਵੀ ਹੋਇਆ। ਇਸ ਸਮੇਂ ਬਾਬਾ ਇੰਦਰ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਲੱਖਾ ਸਿੰਘ, ਬਾਬਾ ਸੁਖਵਿੰਦਰ ਸਿੰਘ ਮੋਰ ਆਦਿ ਹਾਜ਼ਰ ਸਨ।
ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 13 ਅਪ੍ਰੈਲ ਨੂੰ ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਬੇਰ ਸਾਹਿਬ, ਦੇਗਸਰ ਪਾ: ਦਸ਼ਵੀਂ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖ ਸ਼ਸ਼ਤਰ ਕਲਾ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਵਿਸਾਖੀ ਦੇ ਇਤਿਹਾਸਕ ਮੌਕੇ ਸਿੱਖ ਸ਼ਸ਼ਤਰ ਕਲਾ ਨਾਲ ਸਬੰਧਤ ਗਤਕੇ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਵਾਰ ਇੰਨ੍ਹਾਂ ਮੁਕਾਬਲਿਆਂ ਵਿੱਚ 20 ਦੇ ਕਰੀਬ ਨਾਮਵਰ ਟੀਮਾਂ ਭਾਗ ਲੈਣਗੀਆਂ। ਨਾਮਵਰ ਉੱਚ ਕੋਟੀ ਦੇ ਗਤਕਾ ਉਸਤਾਦ ਕੋਚ, ਰੈਫਰੀ, ਜੱਜਮੈਂਟ ਦੀ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਵਿਚ ਸ਼ਸ਼ਤਰ ਕਲਾ ਦਾ ਅਹਿਮ ਸਥਾਨ ਹੈ, ਇਸ ਲਈ ਇਸ ਕਲਾ ਦੀ ਪ੍ਰਫੁਲਤਾ ਲਈ ਅਜਿਹੇ ਜਤਨਾ ਦੀ ਅਹਿਮ ਲੋੜ ਹੈ। ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਸਿੱਖ ਸ਼ਸ਼ਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵਲੋਂ ਹੋਲੇ ਮਹੱਲੇ ’ਤੇ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੋ ਰੋਜ਼ਾ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਕੌਮ ਦੀ ਮਹਾਨ ਪੰਜ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਉੁਨ੍ਹਾਂ ਕਿਹਾ 13 ਅਪ੍ਰੈਲ ਨੂੰ ਗੱਤਕਾ ਮੁਕਾਬਲਿਆਂ ਸਮੇਂ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਦੀ ਸੰਪਾਦਨਾ ਹੇਠ ਪ੍ਰਕਾਸ਼ਤ “ਬੁੱਢਾ ਦਲ ਦੇ ਤੀਸਰੇ ਜਥੇ: ਨਵਾਬ ਕਪੂਰ ਸਿੰਘ” ਵਿਸ਼ੇਸ਼ ਕਿਤਾਬ ਵੀ ਰਿਲੀਜ਼ ਕੀਤੀ ਜਾਵੇਗੀ ਤੇ ਅਗਲ ਦਿਨ ਮੁਹੱਲਾ ਕੱਢਿਆ ਜਾਵੇਗਾ।