ਕੈਪਟਨ ਸਰਕਾਰ ਨੇ ਬਾਦਲਾਂ ਨਾਲ ਮਿਲਕੇ ਜਾਂਚ ਦੇ ਨਾਮ ’ਤੇ ਸਿੱਖ ਪੰਥ ਨਾਲ ਕੀਤੀ ਗੱਦਾਰੀ-ਬੀਰ ਦਵਿੰਦਰ ਸਿੰਘ
ਚੰਡੀਗੜ੍ਹ, 12 ਅਪ੍ਰੈਲ 2021-ਕੋਟਕਪੂਰਾ ਗੋਲੀਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਮੀਟਿੰਗ ਦੌਰਾਨ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਸਬੰਧੀ ਸੁਣਾਏ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੀੜਤ ਪਰਿਵਾਰਾਂ ਅਤੇ ਸਿੱਖ ਸੰਗਤ ਵੱਲੋਂ ਇਸ ਘਟਨਾ ਦੇ ਦੋਸ਼ੀਆਂ ਨੂੰ ਸ਼ਜਾ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ, ਪਰ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੂਰੇ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਵਿੱਚ ਨਿਰਾਸ਼ਾ ਦੀ ਲਹਿਰ ਹੈ।
ਪਾਰਟੀ ਦੇ ਮੱੁਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਕਾਂਡ ਸਬੰਧੀ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੇ ਜਾਣ ਦੇ ਆਏ ਬਿਆਨ ਨੂੰ ਵੀ ਸਿਆਸੀ ਬਿਆਨਬਾਜ਼ੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਹਾਈਕੋਰਟ ਵਿੱਚ ਐਡਵੋਕੇਟ ਜਰਨਲ ਰਾਹੀਂ ਸਰਕਾਰ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਬਦਲਣ ਅਤੇ ਨਵਾਂ ਮੁਖੀ ਨਿਯੁਕਤ ਕਰਨ ਦੀ ਗੱਲ ਪਹਿਲਾਂ ਹੀ ਮੰਨ ਚੁੱਕੀ ਹੈ ਅਤੇ ਹੁਣ ਸਰਕਾਰ ਸੁਪਰੀਮ ਕੋਰਟ ਵਿੱਚ ਕਿਸ ਗੱਲ ਨੂੰ ਅਧਾਰ ਬਣਾਕੇ ਚਣੌਤੀ ਦਵੇਗੀ?
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਸਰਕਾਰ ਦੌਰਾਨ ਬਾਦਲਾਂ ਦੇ ਖਿਲਾਫ਼ ਭਿ੍ਰਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕਰਨ ਵਾਲੇ ਅਧਿਕਾਰੀ ਅਦਾਲਤ ਵਿੱਚ ਮੁੱਕਰ ਗਏ ਸਨ ਅਤੇ ਹੁਣ ਹਾਈਕੋਰਟ ਵਿੱਚ ਬਾਦਲਾਂ ਦੇ ਖਿਲਾਫ਼ ਚੱਲ ਰਹੇ ਮਾਮਲਿਆਂ ਵਿੱਚ ਸਰਕਾਰ ਦੇ ਵਕੀਲਾਂ ਨੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਮੰਨ ਲੈਣਾ ਕਿ ਨਵੀਂ ਸਿੱਟ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸ਼ਾਮਿਲ ਨਹੀਂ ਕੀਤਾ ਜਾਵੇਗਾ, ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਇਹ ਕੈਪਟਨ ਅਤੇ ਬਾਦਲਾਂ ਵੱਲੋਂ ਸਾਜਿਸ਼ ਕੀਤੀ ਜਾ ਰਹੀ ਹੈ ਅਤੇ ਇਸ ਫੈਸਲੇ ਤੋਂ ਬਾਅਦ ਇਹ ਗੱਲ ਸਾਬਤ ਹੋ ਚੁੱਕੀ ਹੈ ਕਿ ਕੈਪਟਨ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਆਸ ਟੁੱਟ ਗਈ ਹੈ।
ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਲ 2017 ਵਿੱਚ ਇਹ ਵਾਅਦਾ ਕਰਕੇ ਜਿੱਤੇ ਸਨ ਕਿ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਕੋਟਕਪੁਰਾ ਗੋਲੀਕਾਂਡ ਵਿੱਚ ਜਿਥੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣਗੇ, ਉਥੇ ਹੀ ਬਰਗਾੜੀ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀ ਜਾਵੇਗਾ, ਪਰ ਹਾਈਕੋਰਟ ਦੇ ਆਏ ਫੈਸਲੇ ਨੇ ਕੈਪਟਨ ਸਰਕਾਰ ਦੇ ਝੁਠੇ ਵਾਅਦਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਉਣ ਤੋਂ ਬਾਅਦ ਇੰਝ ਲੱਗਦਾ ਹੈ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਪਹਿਲਾਂ ਹੀ ਗੰਢ-ਤੁੱਪ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਬਾਦਲ ਆਪਸ ਵਿੱਚ ਰਲੇ ਹੋਏ ਹਨ ਅਤੇ ਦੋਵੇਂ ਇੱਕ-ਦੂਜੇ ਵਿਰੁੱਧ ਸਿਆਸੀ ਬਿਆਨਬਾਜ਼ੀ ਕਰਕੇ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਾਂਚ ਦੇ ਨਾਮ ’ਤੇ ਸਿੱਖ ਪੰਥ ਨਾਲ ਗੱਦਾਰੀ ਕੀਤੀ ਹੈ।
ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਹੁਣ ਇਸ ਮਾਮਲੇ ਦੀ ਜਾਂਚ ਦਾ ਜਿੰਮਾ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਦੇ ਕਿਸੇ ਖਾਸ ਅਧਿਕਾਰੀ ਨੂੰ ਸੌਂਪਣਗੇ ਤਾਂਕਿ ਬਾਦਲਾਂ ਨੂੰ ਇਸ ਮਾਮਲੇ ਵਿੱਚ ਬਚਾਇਆ ਜਾ ਸਕੇ। ਇਸ ਮੌਕੇ ਸੇਵਾ ਸਿੰਘ ਸੇਖਵਾਂ, ਜਗਦੀਸ਼ ਸਿੰਘ ਗਰਚਾ, ਬੀਰ ਦਵਿੰਦਰ ਸਿੰਘ, ਜਸਟਿਸ ਨਿਰਮਲ ਸਿੰਘ, ਸੁਖਵਿੰਦਰ ਸਿੰਘ ਔਲਖ਼, ਰਣਜੀਤ ਸਿੰਘ ਤਲਵੰਡੀ, ਤੇਜਿੰਦਰਪਾਲ ਸਿੰਘ ਸੰਧੂ, ਅਵਤਾਰ ਸਿੰਘ ਜੌਹਲ, ਮਨਜੀਤ ਸਿੰਘ ਦਸੂਹਾ, ਅਰਜਨ ਸਿੰਘ ਸ਼ੇਰਗਿੱਲ, ਗੁਰਚਰਨ ਸਿੰਘ ਚੰਨੀ ਅਤੇ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਹਾਜ਼ਰ ਸਨ।