ਸੀਨੀਅਰ ਮੀਤ ਪ੍ਰਧਾਨ ਲਈ ਗੁਰਪ੍ਰੀਤ ਸਿੰਘ ਲਾਲੀ ਤੇ ਮੀਤ ਪ੍ਰਧਾਨ ਲਈ ਅਮਰਜੀਤ ਕੌਰ ਦੀ ਵੀ ਹੋਈ ਸਰਬਸੰਮਤੀ ਨਾਲ ਚੋਣ
ਵਿਧਾਇਕ ਨਾਗਰਾ ਵੱਲੋਂ ਸਮੂਹ ਮੈਂਬਰਾਂ ਨੂੰ ਰਲ ਮਿਲ ਕੇ ਸ਼ਹਿਰ ਦੇ ਵਿਕਾਸ ਕਾਰਜ ਨੇਪਰੇ ਚਾੜਨ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ 2021: ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸਿ਼ਰਕਤ ਕੀਤੀ। ਇਥੇ ਵਰਨਣਯੋਗ ਹੈ ਕਿ ਸ਼੍ਰੀ ਅਸ਼ੋਕ ਸੂਦ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਸਰਹਿੰਦ ਦਾ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਗੁਰਪ੍ਰੀਤ ਸਿੰਘ ਲਾਲੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਅਮਰਜੀਤ ਕੌਰ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣਿਆਂ ਗਿਆ।
ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਸਰਹਿੰਦ ਸ਼ਹਿਰ ਦੇ ਵਿਕਾਸ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਸ਼ਹਿਰ ਦਾ ਵਿਕਾਸ ਪਾਰਟੀਬਾਜੀ ਤੋਂ ਉਪਰ ਉਠ ਕੇ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਉਨ੍ਹਾਂ ਇਸ ਚੋਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੂੰ ਵੀ ਮੁਬਾਰਕਬਾਦ ਪੇਸ਼ ਕੀਤੀ।
ਨਵੇਂ ਚੁਣੇ ਪ੍ਰਧਾਨ ਅਸ਼ੋਕ ਸੂਦ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਤੇ ਮੀਤ ਪ੍ਰਧਾਨ ਸ਼੍ਰੀਮਤੀ ਅਮਰਜੀਤ ਕੌਰ ਨੇ ਵਿਧਾਇਕ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦੇਣਗੇ ਅਤੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।
ਇਸ ਮੌਕੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਵਿਧਾਇਕ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ, ਤਹਿਸੀਲਦਾਰ ਸ. ਗੁਰਜਿੰਦਰ ਸਿੰਘ, ਕਾਰਜ ਸਾਧਕ ਅਫਸਰ ਸ਼੍ਰੀ ਗੁਰਪਾਲ ਸਿੰਘ ਵਿਧਾਇਕ ਦੇ ਮੀਡੀਆ ਸਲਾਹਕਾਰ ਸ਼੍ਰੀ ਪਰਮਵੀਰ ਸਿੰਘ ਟਿਵਾਣਾ ਤੋਂ ਇਲਾਵਾ ਸਮੂਹ ਕੌਂਸਲਰ ਹਾਜਰ ਸਨ।