ਅਧਿਕਾਰੀਆਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਿਹਤ ਸੁਰੱਖਿਆ ਸਾਵਧਾਨੀਆਂ ਨੂੰ ਯਕੀਨੀ ਬਣਾਉਣ ਦੀ ਹਦਾਇਤ
ਕਿਸਾਨਾਂ ਨੂੰ ਸੁੱਕੀ ਕਣਕ ਹੀ ਖਰੀਦ ਕੇਂਦਰਾਂ ਵਿਚ ਲਿਆਉਣ ਦੀ ਕੀਤੀ ਅਪੀਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 12 ਅਪੈ੍ਰਲ 2021: ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਕਪੂਰਥਲਾ , ਸੁਲਤਾਨਪੁਰ ਲੋਧੀ, ਤਲਵੰਡੀ ਚੌਧਰੀਆਂ ਤੇ ਫੱਤੂਢੀਂਗਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਖਰੀਦ, ਅਦਾਇਗੀ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਬਾਵਜੂਦ ਜਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਦਾ ਕੰਮ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਸੁਰੱਖਿਆ ਲਈ ਹੈਂਡ ਵਾਸ਼ ਸਟੇਸ਼ਨ ਹੋਰ ਵਧੇਰੇ ਸਥਾਪਿਤ ਕੀਤੇ ਜਾਣ ਤੇ ਕਿਸਾਨਾਂ ਲਈ ਵੀ ਮਾਸਕਾਂ ਦਾ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਖਰੀਦ ਕੇਂਦਰਾਂ ਵਿਚ ਸਾਫ-ਸਫਾਈ, ਸੈਨੀਟਾਈਜੇਸ਼ਨ, ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ ਸਮੇਤ ਹੋਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ।
ਉਨ੍ਹਾਂ ਸਮੂਹ ਕਿਸਾਨਾਂ ਨੂੰ ਮੰਡਾਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਅਤੇ ਕੋਵਿਡ-19 ਦੇ ਮੱਦੇਨਜਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਕੌੜਾ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸੰਭੂ, ਜਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ, ਖ੍ਰੀਦ ਏਜੰਸੀਆਂ ਦੇ ਐਮ.ਡੀ. ਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ- ਕਪੂਰਥਲਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ।