ਦੀਪਕ ਜੈਨ
ਜਗਰਾਉਂ, 13 ਅਪਰੈਲ 2021 – ਏਸ਼ੀਆ ਦੀ ਦੂਜੀ ਵੱਡੀ ਮੰਡੀ ਜਗਰਾਉਂ ’ਚ ਅੱਜ ਰਾਜ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਖਰੀਦ ਸ਼ੁਰੂ ਕਰਵਾਈ। ਸਭ ਤੋਂ ਪਹਿਲਾਂ ਮਾਰਕੀਟ ਕਮੇਟੀ ਦਫ਼ਤਰ ਪਹੁੰਚਣ ’ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਕਰਨਜੀਤ ਗਾਲਿਬ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੰਡੀਆਂ ’ਚ ਖਰੀਦ ਤੋਂ ਲੈ ਕੇ ਢੋਆ ਢੁਆਈ ਤੱਕ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਮੋਦੀ ਹਕੂਮਤ ਦੇ ਕਿਸਾਨ ਵਿਰੋਧੀ ਕਈ ਫੈਸਲਿਆਂ ਦੇ ਬਾਵਜੂਦ ਕੈਪਟਨ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਐਫ.ਸੀ.ਆਈ. ਨੂੰ ਵੀ ਬਣਦੇ ਹਿੱਸੇ ਦੀ ਖਰੀਦ ਅਤੇ ਬਾਰਦਾਨੇ ਦੇ ਪ੍ਰਬੰਧ ਲਈ ਰਾਜ਼ੀ ਕਰ ਲਿਆ ਗਿਆ ਹੈ। ਕਿਸਾਨਾਂ ਦੇ ਨਾਲ ਨਾਲ ਆਡ਼੍ਹਤੀਆਂ ਦੇ ਹਿਤਾਂ ਦਾ ਵੀ ਕੈਪਟਨ ਸਰਕਾਰ ਖਿਆਲ ਰੱਖ ਰਹੀ ਹੈ। ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਕਰਕੇ ਜਾਰੀ ਹਦਾਇਤਾਂ ਦਾ ਮੰਡੀਆਂ ’ਚ ਪਾਲਣ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਗਾਲਿਬ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਬਲਾਕ ਕਾਂਗਰਸ ਪ੍ਰਧਾਨ ਸਰਪੰਚ ਜਗਜੀਤ ਸਿੰਘ ਕਾਉਂਕੇ, ਸਾਬਕਾ ਪ੍ਰਧਾਨ ਗੋਪਾਲ ਸ਼ਰਮਾ, ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਸੈਕਟਰੀ ਜਸ਼ਨਦੀਪ ਸਿੰਘ, ਮੰਡੀ ਸੁਪਰਵਾਈਜ਼ਰ ਅਵਤਾਰ ਸਿੰਘ ਤੋਂ ਇਲਾਵਾ ਇਸ ਸਮੇਂ ਕੌਂਸਲਰ ਜਤਿੰਦਰਪਾਲ ਰਾਣਾ, ਵਰਿੰਦਰ ਸਿੰਘ ਕਲੇਰ, ਕੌਂਸਲਰ ਰਵਿੰਦਰਪਾਲ ਰਾਜੂ, ਅਮਨ ਕਪੂਰ ਬੌਬੀ, ਸਰਪੰਚ ਗੁਰਸਿਮਰਨ ਸਿੰਘ ਗਿੱਲ, ਮਨੀ ਗਰਗ ਆਦਿ ਮੌਜੂਦ ਸਨ।