ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਨੂੰ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 18 ਅਪ੍ਰੈਲ 2021-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਅਪ੍ਰੈਲ ਤੋਂ ਚੱਲ ਰਹੀ ਕਣਕ ਦੀ ਖਰੀਦ ਲਈ ਕੁੱਲ 68 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਇੰਨ੍ਹਾਂ ਸਾਰੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ,ਖਰੀਦ, ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਮੁਸ਼ਕਿਲ ਪੇਸ਼ ਆਉਂਦੀ ਹੈ, ਅਧਿਕਾਰੀਆਂ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਖਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ, ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਕੱਲ੍ਹ ਆਈ ਤੇਜ਼ ਬਾਰਿਸ਼ ਕਾਰਨ ਖਰੀਦ ਕੇਂਦਰਾਂ ਵਿਚ ਕਿਸਾਨਾਂ ਵੱਲੋਂ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕ ਲਿਆ ਗਿਆ, ਜਿਸ ਕਾਰਨ ਕਣਕ ਭਿੱਜਣ ਤੋਂ ਬਚ ਗਈ।
ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 182015 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ, ਜਦ ਕਿ ਮੰਡੀਆਂ ਵਿੱਚ ਕੁੱਲ 201878 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 75165 ਮੀਟਰਕ ਟਨ, ਮਾਰਕਫੈੱਡ ਵੱਲੋਂ 33875 ਮੀਟਰਕ ਟਨ, ਪਨਸਪ ਵੱਲੋਂ 39243 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 26980 ਮੀਟਰਕ ਟਨ, ਐਫ.ਸੀ.ਆਈ. ਵੱਲੋਂ 6752 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਮੰਡੀ ਬੋਰਡ ਵੱਲੋਂ ਜਿੱਥੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਉਨ੍ਹਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਦੀ ਵੀ ਲਗਾਤਾਰ ਅਪੀਲ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੰਡੀ ਬੋਰਡ/ ਆੜ੍ਹਤੀਆਂ ਵੱਲੋਂ ਕਿਸਾਨਾਂ ਤੇ ਮਜਦੂਰਾਂ ਨੂੰ ਮਾਸਕ ਵੀ ਮੁਹੱਈਆ ਕਰਵਾਏ ਜਾ ਰਹੇ ਹਨ । ਮੰਡੀਆਂ ਵਿਚ ਕਿਸਾਨਾਂ ਵੱਲੋਂ ਆੜ੍ਹਤੀਆਂ , ਮੰਡੀ ਬੋਰਡ ਦੁਆਰਾ ਜਾਰੀ ਕੀਤੇ ਗਏ ਪਾਸਾਂ ਦੁਆਰਾ ਕਣਕ ਲਿਆਂਦੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਮਾਰਕ ਕੀਤੇ ਗਏ ਖਾਨਿਆਂ (ਬਾਕਸਾਂ) ਵਿੱਚ ਹੀ ਢੇਰੀ ਕੀਤਾ ਜਾਂਦਾ ਹੈ। ਸਾਰੇ ਹੀ ਖਰੀਦ ਕੇਂਦਰਾਂ ਵਿੱਚ ਸੈਨੀਟਾਈਜ਼ਰ, ਹੱਥ ਧੋਣ ਲਈ ਸਾਬਣ, ਪਾਣੀ ਆਦਿ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਮੰਡੀਆਂ ਵਿੱਚ ਆਉਣ ਵਾਲੀਆਂ ਸਮੂਹ ਧਿਰਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਕੋਵਿਡ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਕਿਸਾਨ ਆਪਣੀ ਵਾਰੀ ਅਤੇ ਪਾਸ ਅਨੁਸਾਰ ਹੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ।