ਹੈਲਪ ਡੈਸਕ 'ਤੇ ਪਹੁੰਚੇ ਵਿਦਿਆਰਥੀਆਂ ਨੂੰ ਜਾਗਰੂਕਤਾ ਪੈਂਫਲਿਟ ਦਿੰਦੇ ਹੋਏ ਅਧਿਆਪਕ
ਹੰਡਿਆਇਆ 19 ਅਪ੍ਰੈਲ 2021: ਜਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾ ਕੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਹੋਰ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਮਾਪਿਆਂ ਅਤੇ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਸਥਾਨਕ ਮੇਲਿਆਂ 'ਤੇ ਕਨੌਪੀ ਦਾਖਲਾ ਹੈਲਪ ਡੈਸਕ ਥਾਪਿਤ ਕੀਤੇ ਜਾ ਰਹੇ ਹਨ।ਇਹ ਹੈਲਪ ਡੈਸਕਾਂ ਵੱਡੀ ਗਿਣਤੀ ਵਿੱਚ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਬਦਲੀ ਦਿੱਖ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਦੀ ਪ੍ਰਕ੍ਰਿਆ ਬਾਰੇ ਜਾਣਕਾਰੀ ਦੇਣ ਵਿੱਚ ਮੱਦਦਗਾਰ ਸਿੱਧ ਹੋ ਰਹੇ ਹਨ।
ਇਸ ਬਾਬਤ ਜਾਣਕਾਰੀ ਦਿੰਦਿਆਂ ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ,ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਹੰਡਿਆਇਆ ਮੇਲੇ 'ਤੇ ਪ੍ਰਿੰਸੀਪਲ ਹਰਨੇਕ ਸਿੰਘ,ਪ੍ਰਿੰਸੀਪਲ ਦਰਸ਼ਨ ਸਿੰਘ,ਪਰਮਜੀਤ ਕੌਰ ਡੀਪੀਈ,ਮਲਕੀਤ ਸਿੰਘ ਡੀਪੀਈ ਅਤੇ ਮੰਦਿਰ ਸੋਲਾਂ ਦਾ ਮੱਠ ਮੇਲੇ 'ਤੇ ਪ੍ਰਿੰਸੀਪਲ ਨੀਰਜਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਮੋਦੀ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ ਦੀ ਅਗਵਾਈ ਹੇਠ ਕਨੌਪੀ ਦਾਖਲਾ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਦਾਖਲਾ ਜਾਗਰੂਕਤਾ ਮੁਹਿੰਮਾਂ ਦਾ ਮਨੋਰਥ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਬਿਨਾਂ ਮਹਿੰਗੀਆਂ ਫੀਸਾਂ ਦੀ ਵਸੂਲੀ ਦੇ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਭ ਹਰ ਬੱਚੇ ਅਤੇ ਮਾਪੇ ਤੱਕ ਪਹੁੰਚਾਉਣਾ ਹੈ।
ਹੈਲਪ ਡੈਸਕ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਰਾਕੇਸ਼ ਕੁਮਾਰ ਪ੍ਰਿੰਸੀਪਲ ਅਤੇ ਸਿਮਰਦੀਪ ਸਿੰਘ ਡੀਐਮ ਸਪੋਰਟਸ ਨੇ ਦੱਸਿਆ ਕਿ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚੇ ਪੜ੍ਹਾਉਣ ਲਈ ਪ੍ਰੇਰਿਤ ਕਰਦੇ ਪੈਂਫਲਿਟ ਵੰਡਣ ਦੇ ਨਾਲ ਨਾਲ ਫਲੈਕਸਾਂ ਅਤੇ ਆਪਸੀ ਗੱਲਬਾਤ ਰਾਹੀਂ ਵੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਬੁਨਿਆਦੀ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਬਦਲੀ ਨੁਹਾਰ ਤੋਂ ਜਾਣੂ ਕਰਵਾਇਆ ਗਿਆ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਮਾਰਟ ਸਕੂਲ ਮੁਹਿੰਮ ਅਧੀਨ ਸਰਕਾਰੀ ਸਕੂਲਾਂ ਦੀ ਬਦਲੀ ਦਿੱਖ ਬਾਰੇ ਜਾਣ ਕੇ ਮਾਪੇ ਬਹੁਤ ਖੁਸ਼ ਨਜ਼ਰ ਆ ਰਹੇ ਹਨ।ਉਹਨਾਂ ਦੱਸਿਆ ਕਿ ਮੇਲੇ 'ਤੇ ਲਗਾਏ ਹੈਲਪ ਡੈਸਕ 'ਤੇ ਪਹੁੰਚੇ ਮਾਪਿਆਂ ਵੱਲੋਂ ਵੱਡੀ ਗਿਣਤੀ ਵਿੱਚ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਸਹਿਮਤੀ ਦਿੱਤੀ ਗਈ ਹੈ।
ਸਿੱਖਿਆ ਅਧਿਕਾਰੀਆਂ ਨੇ ਆਸ ਪ੍ਰਗਟਾਈ ਕਿ ਮਾਪਿਆਂ ਦੇ ਹੁੰਗਾਰੇ ਨੂੰ ਵੇਖਦਿਆਂ ਜਾਪਦਾ ਹੈ ਕਿ ਮੌਜ਼ੂਦਾ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਪਿਛਲੇ ਸੈਸ਼ਨ ਨਾਲੋਂ ਕਾਫ਼ੀ ਜਿਆਦਾ ਹੋਵੇਗਾ।ਉਹਨਾਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਕਰਵਾਉਣ ਵਾਲੇ ਮਾਪਿਆਂ ਨੂੰ ਬੱਚਿਆਂ ਦੀ ਬਿਹਤਰ ਪੜ੍ਹਾਈ ਦਾ ਵੀ ਵਿਸਵਾਸ਼ ਦਿਵਾਇਆ।ਇਸ ਮੌਕੇ ਸੁਖਦੇਵ ਸਿੰਘ, ਰੁਪਿੰਦਰ ਸਿੰਘ, ਗੁਰਬਖਸ਼ ਸਿੰਘ, ਤਰਸੇਮ ਲਾਲ,ਨੀਲਮਣੀ,ਅਵਿਨਾਸ਼ ਕੌਰ,ਬਲਜਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਲਵਲੀਨ ਸਿੰਘ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਜੋਧਪੁਰ ਦਾ ਸਮੁੱਚਾ ਸਟਾਫ ਹਾਜ਼ਰ ਰਿਹਾ।