ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ 2021-ਪੈਨਸ਼ਨਰਜ਼ ਐਸੋਸ਼ੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਸ਼ੰਕਰਦਾਸ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਮੰਡਲਾਂ ਤੋਂ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਕੋਸਿਆ। ਸ਼ੰਕਰਦਾਸ ਨੇ ਕਿਹਾ ਕਿ ਕੇਂਦਰ ਸਰਕਾਰ ਲੋਕ ਮਾਰੂ ਕਾਨੂੰਨ ਪਾਸ ਕਰਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ, ਜਦੋਂਕਿ ਸੂਬਾ ਸਰਕਾਰ ਨੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵੀ ਮੁਲਾਜ਼ਮਾਂ, ਪੈਨਸ਼ਨਰਾਂ, ਮਜ਼ਦੂਰਾਂ ਤੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ। ਉਨਾਂ ਕਿਹਾ ਕਿ ਮੀਟਿੰਗਾਂ ਦੇ ਬਾਵਜੂਦ ਵੀ ਸਰਕਾਰ ਮੰਗਾਂ ਨੂੰ ਸਵਿਕਾਰ ਨਹੀਂ ਕਰ ਰਹੀ। ਬੁਲਾਰਿਆਂ ਨੇ ਮੰਗ ਕੀਤੀ ਕਿ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰਿਲੀਜ ਕੀਤੀਆਂ ਜਾਣ, ਬਿਜਲੀ ਯੂਨਿਟ ’ਚ ਰਿਆਇਤ ਦਿੱਤੀ ਜਾਵੇ। ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਉਕਤ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਜ਼ੋਨ ਪੱਧਰ ’ਤੇ ਧਰਨੇ ਦਿੱਤੇ ਜਾਣਗੇ ਤੇ 2 ਜੂਨ ਨੂੰ ਮੋਤੀ ਮਹਿਲ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ ਜੋਗਿੰਦਰ ਸਿੰਘ, ਬੂਟਾ ਸਿੰਘ, ਬਲਜੀਤ ਸ਼ਰਮਾ, ਦਿਲਾਵਰ ਸਿੰਘ, ਦੇਸ ਰਾਜ, ਸਾਧੂ ਰਾਮ ਆਦਿ ਅਹੁਦੇਦਾਰ ਹਾਜ਼ਰ ਸਨ।