ਹਰਜਿੰਦਰ ਸਿੰਘ ਭੱਟੀ
- ਲੋਕ ਅਪਣਾ ਫ਼ਰਜ਼ ਸਮਝਦਿਆਂ ਸਰਕਾਰ ਵੱਲੋ ਜਾਰੀ ਤਮਾਮ ਸਾਵਧਾਨੀਆਂ ਵਰਤਣ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ
- ਸਿਵਲ ਸਰਜਨ ਨੇ ਹਰ ਲਾਭਪਾਤਰੀ ਨੂੰ ਟੀਕਾ ਲਗਵਾਉਣ ਦੀ ਕੀਤੀ ਅਪੀਲ
ਐਸ.ਏ.ਐਸ ਨਗਰ / ਬਨੂੰੜ, 20 ਅਪ੍ਰੈਲ 2021 - ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਲਾਭਪਾਤਰੀ ਤੱਕ ਕੋਵਿਡ ਟੀਕਾਕਰਨ ਪਹੁੰਚਦਾ ਕਰਨ ਲਈ ਪਿੰਡਾਂ ਚ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੋਵਿਡ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਪਿੰਡ ਕੁਰੜੀ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਡਾਕਟਰ, ਨਰਸਾਂ, ਵਰਕਰ, ਆਸ਼ਾ ਵਰਕਰ, ਪੈਰਾਮੈਡੀਕਲ ਸਟਾਫ਼ ਸਮੇਤ ਹਰ ਕੋਈ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਵਿਚ ਜੁਟਿਆ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਕਰਦਿਆਂ ਤਮਾਮ ਸਾਵਧਾਨੀਆਂ ਵਰਤਣ।
ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣੇ ਅਤੇ ਦੋ ਗਜ਼ ਦੀ ਦੂਰੀ ਰਖਣਾ ਬਹੁਤ ਜ਼ਰੂਰੀ ਹੈ। ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਭੀੜ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਵੱਧ ਤੋਂ ਵੱਧ ਟੀਕਾਕਰਨ ’ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਆਖਿਆ ਕਿ ਕੋਵਿਡ ਵੈਕਸੀਨ ਦਾ ਕੋਈ ਮਾੜਾ ਅਸਰ ਨਹੀਂ ਪੈਂਦਾ ਤੇ ਜਿਹੜੇ ਲੋਕ ਹਾਲੇ ਵੀ ਝਿਜਕ ਵਿਖਾ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਡਰ-ਭੈਅ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਕੋਵਿਡ ਵੈਕਸੀਨ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਸਿਹਤ ਸਮੱਸਿਆ ਜਾਂ ਸਬੰਧਤ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਵਿਸ਼ੇਸ ਤੌਰ ਤੇ ਪੱਜੇ ਅਤੇ ਉਨ੍ਹਾਂ ਸਿਹਤ ਬਲਾਕ ਘੜੂੰਆਂ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਪਿੰਡ ਕੁਰੜੀ ਵਿਚ ਕੋਵਿਡ ਟੀਕਾਕਰਨ ਕੈਂਪ ਲਗਾਉਣ ਦੀ ਸ਼ਲਾਘਾ ਕੀਤੀ। ਉਨ੍ਹਾ ਨੇ ਕਿਹਾ ਕਿ ਉਹ ਖ਼ੁਦ ਵੱਖ-ਵੱਖ ਥਾਈਂ ਕੈਂਪ ਲਗਵਾਕੇ ਅਤੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਮਹਾਂਮਾਰੀ ਨੂੰ ਰੋਕਣ ਲਈ ਅਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ।
ਇਸ ਮੌਕੇ ਐਸ.ਐਮ.ਓ ਡਾ. ਸੁਰਿੰਦਰਪਾਲ ਕੌਰ, ਡਾ. ਅਨਿਲ ਅਤੇ ਹੋਰ ਸਟਾਫ਼ ਮੌਜੂਦ ਸੀ।