ਜਗਦੀਸ਼ ਥਿੰਦ
ਫਾਜ਼ਿਲਕਾ, 22 ਅਪ੍ਰੈਲ
ਜ਼ਿਲੇ ਦੀਆਂ ਮੰਡੀਆਂ ਵਿੱਚ ਕੋਵਿਡ-19 ਦੇ ਬਚਾਅ ਲਈ ਸਾਰੇ ਪੁਖਤਾ ਪ੍ਰਬੰਧ ਪੂਰੇ ਕੀਤੇ ਗਏ ਹਨ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਕੋਰੋਨਾ ਦੇ ਚੱਲਦਿਆਂ ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਕੋਈ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ ਹਨ।ਕੋਰੋਨਾ ਦੇ ਮੱਦੇਨਜ਼ਰ ਸਾਰਿਆਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਮੰਡੀਆਂ ਵਿੱਚ ਟੈਸਟਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਜਿਥੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਤੋਂ ਬਚਿਆ ਜਾ ਸਕੇ।ਉਨਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਵੇਚਣ ਦੇ ਨਾਲ-ਨਾਲ ਆਪਣੀ ਸਿਹਤ ਦਾ ਧਿਆਨ ਵੀ ਲਾਜ਼ਮੀ ਰੱਖਣ।ਉਨਾਂ ਕਿਹਾ ਕਿ ਕਿਸਾਨਾਂ ਦੀ ਸਿਹਤ ਸੁਰੱਖਿਆ ਲਈ ਮੰਡੀਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਰੋਨਾ ਜਾਂਚ ਤੇ ਵੈਕਸੀਨ ਦੇ ਕੈਂਪ ਲਗਾਏ ਗਏ ਹਨ ਤੇ ਸੈਨੇਟਾਈਜ਼ਰ ਮਸ਼ੀਨਾਂ, ਸਾਬਣ, ਸਮਾਜਿਕ ਦੂਰੀ ਆਦਿ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਅੰਦਰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ, ਮਾਸਕ ਪਹਿਨਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ, ਸਾਫ਼-ਸਫਾਈ ਦਾ ਧਿਆਨ ਰੱਖਣ ਆਦਿ ਸਮੇਤ ਵੱਖ-ਵੱਖ ਹਦਾਇਤਾਂ ਅਧਿਕਾਰੀਆਂ ਨੂੰ ਪਹਿਲਾਂ ਹੀ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਰੋਨਾ ਦੇ ਬਾਵਜੂਦ ਕਿਸਾਨਾਂ ਲਈ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਜ਼ੋ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਵੀ ਬਚਾਇਆ ਜਾ ਸਕੇ।
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਪਹੁੰਚੀ 256992 ਮੀਟ੍ਰਿਕ ਟਨ ਕਣਕ ਵਿਚੋਂ 241393 ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 63586, ਮਾਰਕਫੈਡ ਵੱਲੋ 63137, ਪਨਸਪ ਵੱਲੋ 65845, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 32251, ਐਫ.ਸੀ.ਆਈ. ਵੱਲੋਂ 16574 ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫਸਲ ਦੀ ਖਰੀਦ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਗਈ ਹੈ ਤੇ ਫਸਲ ਦੀ ਆਮਦ ਮਗਰੋਂ ਨਾਂਲੋ-ਨਾਲ ਖਰੀਦ ਕੀਤੀ ਜਾ ਰਹੀ ਹੈ।