ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਰੀਬ 42 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ
- ਲਿਫਟਿੰਗ ਤੇਜ਼ ਕਰਵਾਉਣ ਦੀਆਂ ਹਦਾਇਤਾਂ
ਐਸ ਏ ਐਸ ਨਗਰ, 23 ਅਪ੍ਰੈਲ 2021 - ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਈ ਕਣਕ ਵਿੱਚੋਂ ਕਰੀਬ 42 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ ਕਰੀਬ 61 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਹਨ ਤੇ ਜਿੱਥੇ ਕਿਤੇ ਕੋਈ ਦਿੱਕਤ ਆਉਂਦੀ ਹੈ, ਉਹ ਫੌਰੀ ਦੂਰ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 01,02,012 ਮੀਟਰਕ ਟਨ ਕਣਕ ਦੀ ਅਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆ ਤੇ ਵਪਾਰੀਆਂ ਵੱਲੋਂ 01,01,202 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 27,128 ਮੀਟਰਕ ਟਨ, ਮਾਰਕਫੈਡ ਵੱਲੋਂ 24,169 ਮੀਟਰਕ ਟਨ, ਪਨਸਪ ਵੱਲੋਂ 23, 857 ਮੀਟਰਕ ਟਨ, ਵੇਅਰ ਹਊਸ ਵੱਲੋਂ 11,665 ਮੀਟਰਕ ਟਨ, ਐਫ.ਸੀ.ਆਈ. ਵੱਲੋਂ 14,083 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 300 ਮੀਟਰਕ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਆਈ ਕਣਕ ਦੀ ਲਿਫ਼ਟਿੰਗ ਤੇਜ਼ ਕਰਵਾਈ ਜਾਵੇ।
ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਰਸਾਈਆਂ ਜ਼ਰੂਰੀ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਨਾਉਣ।