8 ਮਈ ਨੂੰ ਸੜਕਾਂ ’ਤੇ ਉਤਰਕੇ ਪਾਬੰਦੀਆਂ ਦਾ ਕੀਤਾ ਜਾਵੇਗਾ ਵਿਰੋਧ
ਦਿੱਲੀ, 6 ਮਈ 2021-ਪੰਜਾਬ ਅੰਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਨਵੀਆਂ ਬੰਦਿਸ਼ਾਂ ਖ਼ਿਲਾਫ਼ ਹੁਣ ਕਿਸਾਨ ਜਥੇਬੰਦੀਆਂ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਮਈ ਨੂੰ ਇਸ ਸਬੰਧੀ ਸੜਕਾਂ ’ਤੇ ਉਤਰਨ ਦਾ ਮਨ ਬਣਾਇਆ ਗਿਆ ਹੈ। ਇਹ ਫੈਸਲਾ ਮੋਰਚੇ ’ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ, ਜੋ ਸਿੰਘੂ ਬਾਰਡਰ ’ਤੇ ਹੋਈ, ਵਿੱਚ ਲਿਆ ਗਿਆ ਹੈ। ਇਸ ਮੀਟਿੰਗ ਪ੍ਰਧਾਨਗੀ ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਨੇ ਕੀਤੀ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਵਿਰੁੱਧ ਲੜਨ ਵਿੱਚ ਅਸਫਲ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਆਕਸੀਜਨ, ਬੈਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ। ਹਾਲਾਂਕਿ ਭਾਜਪਾ ਕਿਸਾਨਾਂ ਨੂੰ ਕੋਰੋਨਾ ਫੈਲਾਉਣ ਲਈ ਵੱਡਾ ਕਾਰਨ ਦੱਸਦੀ ਰਹੀ ਹੈ, ਪਰ ਇੱਥੇ ਕਿਸਾਨ ਜਰੂਰੀ ਸਾਵਧਾਨੀਆਂ ਵਰਤ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਲਈ ਤਾਲਾਬੰਦੀ ਲਗਾ ਰਹੀਆਂ ਹਨ। ਇਸ ਕਾਰਨ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਦੀਆਂ ਜਿੰਦਗੀਆਂ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈਆਂ ਹਨ। ਇਸ ਸਿਲਸਿਲੇ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦਾ ਫੈਸਲਾ ਹੈ ਕਿ 8 ਮਈ ਨੂੰ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ’ਤੇ ਆਉਣਗੇ ਅਤੇ ਸੂਬੇ ਵਿੱਚ ਤਾਲਾਬੰਦੀ ਦਾ ਵਿਰੋਧ ਕਰਨਗੇ।
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 10 ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਰਸਤਿਓਂ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਮੋਰਚਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਬਲਦੇਵ ਸਿੰਘ ਨਿਹਾਲਗੜ੍ਹ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਹਮੇਸ਼ਾ ਮਜਬੂਤ ਰਹੇਗਾ। ਵਾਢੀ ਦਾ ਸੀਜ਼ਨ ਖਤਮ ਹੋ ਗਿਆ ਹੈ ਅਤੇ ਹੁਣ ਕਿਸਾਨ ਵੱਖ-ਵੱਖ ਜਥਿਆਂ ’ਚ ਦਿੱਲੀ ਲਈ ਰਵਾਨਾ ਹੋਣਗੇ।
ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ ਦੇ ਅਨੁਸਾਰ ਸਰਕਾਰ ਕੋਰੋਨਾ ਦੀ ਆੜ ਵਿੱਚ ਕਾਰਪੋਰੇਟ ਵਰਗ ਨੂੰ ਲਾਭ ਦੇਣਾ ਚਾਹੁੰਦੀ ਹੈ। ਕਿਸਾਨੀ ਕਾਨੂੰਨ ਅਤੇ ਲੇਬਰ ਕੋਡ ਜਿਹੇਂ ਕਿਸਾਨੀ ਅਤੇ ਮਜਦੂਰਾਂ ਦੇ ਸ਼ੋਸ਼ਣ ਸੰਬੰਧੀ ਫੈਸਲੇ ਤਾਲੇਬੰਦੀ ਵਿੱਚ ਲਏ ਗਏ। ਬੋਘ ਸਿੰਘ ਮਾਨਸਾ ਨੇ ਕਿਹਾ ਕਿ 5 ਰਾਜਾਂ ਦੀਆਂ ਚੋਣਾਂ ਵਿੱਚ ਕਿਸਾਨਾਂ ਨੇ ਵੱਡੇ ਪੱਧਰ ’ਤੇ ਭਾਜਪਾ ਦਾ ਰਾਜਨੀਤਿਕ ਨੁਕਸਾਨ ਕੀਤਾ ਹੈ।
ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਨੂੰ ਜਾਨ-ਮਾਲ ਦੀ ਰਖਵਾਲਾ ਕਿਹਾ ਜਾਂਦਾ ਹੈ, ਪਰ ਮਾਲ ਤਾਂ ਕੀ, ਸਰਕਾਰ ਲੋਕਾਂ ਦੀਆਂ ਜਾਨਾਂ ਦੀ ਸੰਭਾਲ ਵੀ ਨਹੀਂ ਕਰ ਰਹੀ। ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਹੇਠ ਸੋਸਣਵਾਦੀ ਫੈਸਲੇ ਲੈਂਦੀ ਆ ਰਹੀ ਹੈ ਅਤੇ ਇਸ ਦਿਸਾ ਵਿੱਚ ਕਿਸਾਨਾਂ ਦੀਆਂ ਜਮੀਨਾਂ ਖੋਹਣਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਹਮੇਸ਼ਾ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਰਹਿੰਦੇ ਹਨ ਅਤੇ ਪੂਰੀ ਤਰ੍ਹਾਂ ਆਸਾਵਾਦੀ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਅਤੇ ਸਾਫ ਨੀਅਤ ਅਤੇ ਚੰਗੇ ਮਾਹੌਲ ਵਿੱਚ ਗੱਲਬਾਤ ਕਰੇ।