ਸੀਪੀਐਫ਼ ਯੂਨੀਅਨ ਵੱਲੋਂ ਸਾਂਝਾ ਮੁਲਾਜ਼ਮ ਫਰੰਟ ਦੇ ਸੰਘਰਸ਼ ਦੀ ਹਮਾਇਤ, ਦੋ ਦਿਨਾ ਕਲਮਛੋੜ ਹੜਤਾਲ ਦਾ ਐਲਾਨ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 7 ਮਈ 2021-ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੀ ਬਦੌਲਤ ਮੁਲਾਜ਼ਮ ਵਰਗ ਦਾ ਭਵਿੱਖ ਹਨੇ੍ਹਰਮਈ ਹੋ ਗਿਆ ਹੈ, ਜਿਸਦੇ ਚੱਲਦਿਆਂ ਮੁਲਾਜ਼ਮ ਵਰਗ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ, ਜਿਸਦੇ ਸਿੱਟੇ ਵਜੋਂ ਮੁਲਾਜ਼ਮਾਂ ਵੱਲੋਂ ਇੱਕ ਫਰੰਟ ਹੇਠ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਸੀਪੀਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਅਤੇ ਜਨਰਲ ਸਕੱਤਰ ਸਤਨਾਮ ਸਿੰਘ ਨੇ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 2004 ਤੋਂ ਬਾਅਦ ਭਰਤੀ ਹੋਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਨੇ ਪੈਨਸ਼ਨ ਦੇ ਹੱਕ ਤੋਂ ਵਾਂਝਾ ਕਰ ਦਿੱਤਾ ਹੈ ਅਤੇ ਮੁਲਾਜ਼ਮਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥ ਦੇ ਦਿੱਤਾ ਹੈ, ਜਿਸਦੇ ਚੱਲਦਿਆਂ ਮੁਲਾਜ਼ਮਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਅਣਗੌਲਿਆਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਾਰੇ ਸਰਕਾਰੀ ਮੁਲਾਜ਼ਮ ਅੱਗੇ ਹੋ ਕੇ ਆਪਣੀ ਡਿਉੂਟੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਬਹੁਤ ਸਾਰੇ ਮੁਲਾਜ਼ਮ ਡਿਊਟੀ ਦੌਰਾਨ ਆਪਣੀ ਜਾਨ ਵੀ ਗਵਾ ਚੁੱਕੇ ਹਨ। ਆਗੂਆਂ ਨੇ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਦੀਆਂ ਸਾਂਝੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 20 ਅਤੇ 21 ਮਈ ਨੂੰ ਕਲਮਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਪੂਰੇ ਪੰਜਾਬ ਦੇ ਸੀਪੀਐਫ ਕਰਮਚਾਰੀ ਵੀ ਸਮਰਥਨ ਦਿੰਦੇ ਹੋਏ ਸਮੁੱਚੇ ਕੰਮਕਾਜ ਨੂੰ ਠੱਪ ਰੱਖਣਗੇ।
ਆਗੂਆਂ ਨੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਆਉਂਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਵੱਲੋਂ ਸਾਲ 2019 ਤੋਂ ਬਾਅਦ ਫੈਮਿਲੀ ਪੈਨਸ਼ਨ ਦੀ ਸੁਵਿਧਾ ਦੇ ਦਿੱਤੀ ਗਈ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਫੈਮਿਲੀ ਪੈਨਸ਼ਨ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਨਾਲ ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਜੱਗ ਜਾਹਿਰ ਹੁੰਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦੀਪਕ ਕੁਮਾਰ ਡੀਸੀ ਦਫਤਰ ਪ੍ਰੈੱਸ ਸਕੱਤਰ, ਜਸਵੰਤ ਸਿੰਘ ਖਜ਼ਾਨਚੀ, ਪਵਨ ਕੁਮਾਰ, ਜਸਵਿੰਦਰ ਸਿੰਘ, ਤਲਵਿੰਦਰ ਸਿੰਘ, ਜੋਗਾ ਸਿੰਘ, ਮਨਦੀਪ ਸਿੰਘ ਭੰਡਾਰੀ, ਜਗਸੀਰ ਸਿੰਘ, ਵੀਰ ਚੰਦ, ਪੰਕਜ ਸਰਮਾ, ਪਰਮਿੰਦਰ ਸਿੰਘ ਵੀ ਹਾਜ਼ਰ ਸਨ।