ਜਬਰੀ ਲਾਕਡਾਊਨ ਜਿਹੇ ਫੈਸਲਿਆਂ ਖ਼ਿਲਾਫ਼ ਸੰਘਰਸ਼ ਮਘਾਉਣ ਦਾ ਸੱਦਾ
ਕਿਸਾਨਾਂ, ਮਜ਼ਦੂਰਾਂ ਨੇ ਸ਼ਹਿਰ ’ਚ ਕੀਤਾ ਮਾਰਚ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 8 ਮਈ 2021-ਕਰੋਨਾ ਦੀ ਆੜ ਹੇਠ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਲਾਕਡਾਊਨ ਰਾਹੀਂ ਆਮ ਦੁਕਾਨਦਾਰਾਂ, ਸਕੂਲਾਂ, ਕਾਲਜਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੇ ਕਾਰੋਬਾਰ ਠੱਪ ਕਰ ਕੇ ਉਨ੍ਹਾਂ ਨੂੰ ਭੁੱਖਮਰੀ ਵੱਲ ਧੱਕਣ ਦੇ ਨਾਦਰਸ਼ਾਹੀ ਫੈਸਲੇ ਹਰਗਿਜ਼ ਪ੍ਰਵਾਨ ਨਹੀਂ ਕੀਤੇ ਜਾਣਗੇ, ਸਗੋਂ ਅਜਿਹੇ ਲੋਕ ਮਾਰੂ ਫੈਸਲਿਆਂ ਖਿਲਾਫ ਸੰਘਰਸ਼ਾਂ ਦੇ ਅਖਾੜੇ ਮਜਬੂਤ ਕੀਤੇ ਜਾਣਗੇ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕੀਤਾ। ਉਨ੍ਹਾਂ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਕੋਰੋਨਾ ਦੀ ਰੋਕਥਾਮ ਅਤੇ ਪੀੜ੍ਹਤਾਂ ਦੇ ਸਹੀ ਇਲਾਜ ਲਈ ਲੋੜੀਂਦੀ ਜਨ ਜਾਗ੍ਰਤੀ ਅਤੇ ਬੈੱਡਾਂ, ਵੈਂਟੀਲੇਟਰਾਂ, ਵੈਕਸੀਨੇਸ਼ਨਾਂ, ਆਕਸੀਜਨ ਆਦਿ ਦੇ ਪ੍ਰਬੰਧਾਂ ’ਚ ਕੇਂਦਰ ਤੇ ਸੂਬਾ ਸਰਕਾਰਾਂ ਦੀ ਗੈਰ ਜਿੰਮੇਵਾਰੀ ਕਾਰਣ ਹਜ਼ਾਰਾਂ ਬੇਸ਼ਕੀਮਤੀ ਮਨੁੱਖੀ ਜਾਨਾਂ ਮੌਤ ਦੇ ਮੂੰਹ ਗਈਆਂ ਹਨ।
ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਪਹਿਲਾਂ ਕੋਰੋਨਾ ਦੀ ਆੜ ਹੇਠ ਮੋਦੀ ਦੀ ਭਾਜਪਾ ਹਕੂਮਤ ਵੱਲੋਂ ਕਿਸਾਨਾਂ ਮਜ਼ਦੂਰਾਂ ਉੱਤੇ ਕਾਲੇ ਖੇਤੀ ਕਾਨੂੰਨ ਅਤੇ ਕਿਰਤ ਕਾਨੂੰਨ ਮੜ੍ਹ ਕੇ ਕਿਰਤੀਆਂ ਨਾਲ ਧ੍ਰੋਹ ਕਮਾਇਆ ਹੈ ਤੇ ਹੁਣ ਕੋਰੋਨਾ ਬਹਾਨੇ ਲੋਕਾਂ ਨੂੰ ਭੁੱਖੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਤੇ ਖੇਤ ਮਜ਼ਦੂਰ ਆਗੂ ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਸਰਕਾਰ ਕੋਰੋਨਾ ਦੀ ਆੜ ਵਿੱਚ ਲਾਕ ਡਾਊਨ ਤੇ ਹੋਰ ਪਾਬੰਦੀਆਂ ਦੀ ਬਜਾਏ ਲੋੜੀਂਦੀਆਂ ਸਿਹਤ ਸਹੂਲਤਾਂ ਤੇ ਦੁਕਾਨਦਾਰਾਂ, ਮਜਦੂਰਾਂ ਤੇ ਹੋਰਨਾਂ ਪੀੜਿਤ ਵਰਗਾਂ ਲਈ ਆਰਥਿਕ ਮਦਦ ਦਾ ਪ੍ਰਬੰਧ ਕਰੇ।
ਰੈਲੀ ਨੂੰ ਹਰਫੂਲ ਸਿੰਘ ਭਾਗਸਰ, ਬਾਜ ਸਿੰਘ ਭੱਟੀਵਾਲਾ, ਜਸਵਿੰਦਰ ਸਿੰਘ ਸੰਗੂਧੌਣ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਮੰਗਾ ਸਿੰਘ ਆਜ਼ਾਦ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਆਖਿਆ ਕਿ ਕਿਸਾਨਾਂ ਮਜ਼ਦੂਰਾਂ ਸਮੇਤ ਸਾਰੇ ਵਰਗਾਂ ਦੇ ਕਿਰਤੀ ਲੋਕਾਂ ਦੀ ਏਕਤਾ ਮਜਬੂਤ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਠੋਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਲਾਕਡਾਊਨ ਜਿਹੀਆਂ ਪਾਬੰਦੀਆਂ ਖਿਲਾਫ ਡਟਣ ਦਾ ਸੱਦਾ ਦਿੱਤਾ।
ਕਿਸਾਨਾਂ ਮਜਦੂਰਾਂ ਵੱਲੋਂ ਰੋਸ ਰੈਲੀ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ, ਜਿਸ ਵਿੱਚ ਖੇਤ ਮਜਦੂਰ ਔਰਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਬੁੱਟਰ ਸਰੀਂਹ, ਰਾਜਾ ਸਿੰਘ ਮਹਾਂਬੱਧਰ, ਮੇਜਰ ਸਿੰਘ ਗਿਲਜੇਵਾਲਾ, ਭਜਨ ਕੌਰ ਖੁੰਡੇ ਹਲਾਲ, ਸੁਖਜੀਤ ਕੌਰ ਭੁੱਟੀ ਵਾਲਾ, ਸਿਮਰਜੀਤ ਕੌਰ ਤੇ ਸੁਖਪ੍ਰੀਤ ਕੌਰ ਆਦਿ ਆਗੂ ਵੀ ਮੌਜੂਦ ਸਨ।
ਇਸੇ ਤਰ੍ਹਾਂ ਮਲੋਟ ਅੰਦਰ ਵੀ ਕਿਸਾਨ ਜਥੇਬੰਦੀਆਂ ਵੱਲੋਂ ਵੀਕਐਂਡ ਲਾਕਡਾਊਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸਾਸ਼ਨ ਨੇ ਪਹਿਲਾਂ ਹੀ ਰਿਆਇਤ ਦੇ ਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕੀਤੀ ਹੈ, ਪਰ ਸਰਕਾਰ ਦਾ ਇਹ ਧੱਕਾ ਹੁਣ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।