ਮੁਕਤਸਰ ’ਚ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ, ਤਕੜੇ ਪ੍ਰੋਗਰਾਮ ਉਲੀਕੇ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ , 15 ਮਈ 2021-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ ਦੇ ਸਮੂਹ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਦੇ 27 ਡਿੱਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸੇ ਤਹਿਤ ਅੱਜ ਸਥਾਨਕ ਡਿਪੂ ਵਿਖੇ ਵੀ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਦੌਰਾਨ ਸੂਬਾ ਸਰਪ੍ਰਸਤ ਕਮਲ ਕੁਮਾਰ, ਡਿਪੂ ਪ੍ਰਧਾਨ ਹਰਜਿੰਦਰ ਸਿੰਘ ਅਤੇ ਡਿਪੂ ਜਨਰਲ ਸਕੱਤਰ ਤਰਸੇਮ ਸਿੰਘ ਨੇ ਦੱਸਿਆ ਕਿ ਸਰਕਾਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪੰਜਾਬ ਦਾ ਖ਼ਜ਼ਾਨਾ ਭਰਨ ਵਾਲਾ ਮਹਿਕਮਾ ਬੰਦ ਕਰ ਰਹੀ ਹੈ, ਲਗਾਤਾਰ 14-15 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, ਕੋਰੋਨਾ ਮਹਾਂਮਾਰੀ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕੋਈ ਫੰਡ ਜਾਂ ਸਹੂਲਤ ਨਹੀਂ ਦੇ ਰਹੀ।
ਆਗੂਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼ ਜਾਂ ਪੀ.ਆਰ.ਟੀ.ਸੀ ਦੇ ਕੋਲ ਬੱਸਾਂ ਨਾਮਾਤਰ ਹੀ ਰਹਿ ਗਈਆਂ ਹਨ, ਜੇਕਰ ਔਰਤਾਂ ਨੂੰ ਮੁਫ਼ਤ ਸਫਰ ਸਹੂਲਤ ਦੇਣੀ ਹੈ ਤਾਂ ਸਰਕਾਰ ਨੂੰ ਘੱਟੋ ਘੱਟ 10 ਹਜ਼ਾਰ ਬੱਸਾਂ ਨਵੀਂਆਂ ਦੇਣੀਆਂ ਚਾਹੀਦੀਆਂ ਹਨ, ਪਰ ਸਰਕਾਰ ਵੱਲੋਂ ਮਹਿਕਮੇ ਨੂੰ ਕੋਈ ਬਜ਼ਟ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਦੇ ਸਾਰੇ ਕੱਚੇ ਮੁਲਾਜ਼ਮਾਂ ਵੱਲੋਂ 19 ਮਈ ਨੂੰ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਤੇ 24 ਮਈ ਨੂੰ ਬੱਸਾਂ ਅਤੇ ਬੱਸ ਅੱਡਿਆਂ ’ਚ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 5 ਤੇ 6 ਜੂਨ ਨੂੰ ਮੰਤਰੀਆਂ ਦੇ ਘਰਾਂ ਮੂਹਰੇ ਧਰਨੇ ਲਗਾਏ ਜਾਣਗੇ, 14 ਜੂਨ ਨੂੰ ਬੱਸ ਅੱਡਿਆਂ ’ਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ, 16 ਜੂਨ ਨੂੰ ਜ਼ੋਨ ਵਾਈਜ਼ ਕਾਨਫਰੰਸ ਕੀਤੀ ਜਾਵੇਗੀ, 25 ਜੂਨ ਨੂੰ ਗੇਟ ਰੈਲੀਆਂ ਕਰਕੇ 28, 29 ਤੇ 30 ਜੂਨ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਪਟਿਆਲਾ, ਚੰਡੀਗੜ੍ਹ, ਮਲੇਰਕੋਟਲਾ ’ਚ ਧਰਨੇ ਦਿੱਤੇ ਜਾਣਗੇ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ। ਇਸ ਮੌਕੇ ਬਲਕਾਰ ਸਿੰਘ, ਗੁਰਵਿੰਦਰ ਸਿੰਘ, ਸੁਧੀਰ ਕੁਮਾਰ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਬੇਅੰਤ ਸਿੰਘ, ਅੰਗਰੇਜ਼ ਸਿੰਘ, ਗੁਰਮੇਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਹਾਜ਼ਰ ਸਨ।