ਕਿਸਾਨੀ ਸੰਘਰਸ਼ ’ਚ ਸ਼ਾਮਿਲ ਮੁਕਤਸਰ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਮੌਤ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 16 ਮਈ 2021-ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ’ਚੋਂ ਅੱਜ ਹੋਰ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਇਹ ਕਿਸਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਸਮਾਘ ਨਾਲ ਸਬੰਧਿਤ ਸੀ ਜਿਸਦਾ ਨਾਂਮ ਮੋਹਰ ਸਿੰਘ ਪੁੱਤਰ ਸਰਬਨ ਸਿੰਘ ਸੀ।
ਜਾਣਕਾਰੀ ਅਨੁਸਾਰ ਮੋਹਰ ਸਿੰਘ ਜੋ ਲਗਾਤਾਰ ਦਿੱਲੀ ਧਰਨੇ ’ਤੇ ਹਾਜ਼ਰ ਸੀ, ਕੁੱਝ ਕੁ ਦਿਨ ਪਹਿਲਾਂ ਹੀ ਪਿੰਡ ਆਇਆ ਸੀ, ਜਿਸਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ, ਜਿਸਨੂੰ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ, ਜਿਸ ਤੋਂ ਬਾਅਦ ਉਸਦੀ ਹਾਲਤ ਗੰਭੀਰ ਹੋਣ ਕਰਕੇ ਫਰੀਦਕੋਟ ਮੈਡੀਕਲ ਹਸਪਤਾਲ ਰੈਫ਼ਰ ਕੀਤਾ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਮੋਹਰ ਸਿੰਘ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਮੋਹਰ ਸਿੰਘ ਇੱਕ ਛੋਟਾ ਕਿਸਾਨ ਸੀ, ਜੋ ਆਪਣੇ ਪਿੱਛੇ ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ।