ਸਿੱਖਿਆ ਵਿਭਾਗ ਦੇ ਕੰਮਾਂ ਨੂੰ ਆਨਲਾਈਨ ਕਰਨ ਵਾਲੇ ਰੀੜ੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਅਧਿਆਪਕਾਂ ਨਾਲ ਇਹ ਵਿਤਕਰਾ ਕਿਉਂ- ਥਿੰਦ
ਬਲਵਿੰਦਰ ਸਿੰਘ ਧਾਲੀਵਾਲ
- ਕੰਪਿਊਟਰ ਅਧਿਆਪਕਾਂ ਵੱਲੋਂ ਸਰਕਾਰ ਦਾ ਸੋਸ਼ਲ ਮੀਡੀਆ ਤੇ ਘਿਰਾਓ
ਸੁਲਤਾਨਪੁਰ ਲੋਧੀ 3 ਜੂਨ 2021 - ਸਕੂਲ ਸਿੱਖਿਆ ਵਿਭਾਗ ਦੇ ਸਾਰੇ ਕੰਮਾਂ ਨੂੰ ਆਨਲਾਈਨ ਕਰਨ ਵਾਲੇ ਅਤੇ ਸਿੱਖਿਆ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਕੰਪਿਊਟਰ ਅਧਿਆਪਕਾਂ ਨਾਲ ਪੰਜਾਬ ਸਰਕਾਰ ਨੇ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਉਨ੍ਹਾਂ ਦੇ ਹੱਕਾਂ ਨੂੰ ਦਬਾਇਆ ਜਾ ਰਿਹਾ ਹੈ। ਇਹ ਸ਼ਬਦ ਜ਼ਿਲ੍ਹਾ ਕੰਪਿਊਟਰ ਅਧਿਆਪਕ ਯੂਨੀਅਨਦੇ ਪ੍ਰਧਾਨ ਹਰਮਿੰਦਰ ਸਿੰਘ, ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸਿੱਖਿਆ ਮੰਤਰੀ ਨਾਲ ਫਰਵਰੀ ਮਹੀਨੇ ਦੌਰਾਨ ਹੋਈ ਮੀਟਿੰਗ ਵਿਚ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਸਬੰਧੀ ਸਹਿਮਤੀ ਵੀ ਬਣ ਗਈ ਸੀ ਪਰ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦਾ ਕਹਿ ਕੇ ਕਰੀਬ ਡੇਢ ਸਾਲ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਅਤੇ ਵਾਰ ਵਾਰ ਅਰਜ਼ੋਈ ਕਰਨ ਦੇ ਬਾਵਜੂਦ ਵੀ ਇਨ੍ਹਾਂ ਨੂੰ ਨਾ ਤਾਂ ਮੀਟਿੰਗ ਲਈ ਸਮਾਂ ਦਿੱਤਾ ਗਿਆ ਅਤੇ ਨਾ ਕੋਈ ਮਸਲਾ ਹੱਲ ਕੀਤਾ ਗਿਆ।
ਜਿਸ ਦੇ ਚਲਦਿਆਂ ਪਿਛਲੇ ਕੁਝ ਦਿਨਾਂ ਤੋਂ ਹੁਣ ਉਨ੍ਹਾਂ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਅਧਿਕਾਰੀਆਂ ਦਾ ਸੋਸ਼ਲ ਮੀਡੀਆ ਰਾਹੀਂ ਘਿਰਾਓ ਕੀਤਾ ਜਾ ਰਿਹਾ ਹੈ ਜਿਸ ਤਹਿਤ ਕੰਪਿਊਟਰ ਅਧਿਆਪਕਾਂ ਵੱਲੋਂ ਰੋਜ਼ਾਨਾ ਆਪਣੀਆਂ ਹੱਕੀ ਮੰਗਾਂ ਲਈ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਫੇਸਬੁੱਕ ਪੇਜ ਤੇ ਸੈਂਕੜੇ ਕੁਮੈਂਟ ਕਰਕੇ ਸਵਾਲ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਅਧਿਆਪਕਾਂ ਵੱਲੋਂ ਚੱਲ ਰਹੇ ਇਸ ਵਿਰੋਧ ਨੂੰ ਰੋਕਣ ਲਈ ਅਤੇ ਜਵਾਬ ਦੇਣ ਦੀ ਬਜਾਏ ਸਿੱਖਿਆ ਮੰਤਰੀ ਵੱਲੋਂ ਆਪਣੇ ਫੇਸਬੁੱਕ ਪੇਜ ਤੋਂ 500 ਤੋਂ ਵੱਧ ਕੰਪਿਊਟਰ ਅਧਿਆਪਕਾਂ ਨੂੰ ਬਲੈਕ ਕੀਤਾ ਜਾ ਚੁੱਕਾ ਹੈ ਅਤੇ ਕੁਮੈਂਟ ਡਿਲੀਟ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਆਵਾਜ਼ ਨਾ ਉਠਾ ਸਕਣ, ਜਿਸ ਨੂੰ ਮੰਦਭਾਗਾ ਦੱਸਦਿਆਂ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਰੋਜ਼ਾਨਾ ਸੋਸ਼ਲ ਮੀਡੀਆ ਤੇ ਸਰਕਾਰ ਦਾ ਵਿਰੋਧ ਜਾਰੀ ਰਹੇਗਾ ਅਤੇ ਇਸੇ ਕੰਮ ਲਈ 7000 ਕੰਪਿਊਟਰ ਅਧਿਆਪਕਾਂ ਦੀਆਂ ਆਈ ਟੀ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਜਿਸ ਵਿਚ ਅਧਿਆਪਕਾਂ ਦੇ ਪਰਿਵਾਰ ਅਤੇ ਆਮ ਲੋਕਾਂ ਨੂੰ ਜੋਡ਼ਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਕੰਪਿਊਟਰ ਅਧਿਆਪਕਾਂ ਨੂੰ 1-7-2011 ਨੂੰ ਦਿੱਤੇ ਗਏ ਰੈਗੂਲਰ ਆਰਡਰਾਂ ਦੇ ਬਿਨਾਂ ਕਿਸੇ ਹੋਰ ਸ਼ਰਤ ਤੇ ਵਿਭਾਗ ਚ ਸ਼ਾਮਲ ਕੀਤਾ ਜਾਏ। ਕੰਪਿਊਟਰ ਅਧਿਆਪਕਾਂ ਨੂੰ ਹੁਣ ਤੱਕ ਤਨਖਾਹਾਂ ਪੰਜਾਬ ਸਰਕਾਰ ਦੇ ਖਜ਼ਾਨੇ ਤੋਂ ਦਿੱਤੀਆਂ ਜਾ ਰਹੀਆਂ ਹਨ ਪ੍ਰੰਤੂ ਜੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਿਫਟ ਕਰ ਦਿੱਤਾ ਜਾਵੇ ਤਾਂ ਸਰਕਾਰ ਦੇ ਖਜ਼ਾਨੇ ਤੇ ਕੋਈ ਜ਼ਿਆਦਾ ਵਾਧੂ ਬੋਝ ਨਹੀਂ ਪਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪ੍ਰਸਤ ਜਸਪਾਲ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਤਲਵਿੰਦਰ ਸਿੰਘ , ਹਰਮਿੰਦਰ ਸਿੰਘ ਪ੍ਰਧਾਨ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਨਿੰਦਰਜੀਤ ਕੌਰ, ਹਰਪ੍ਰੀਤ ਕੌਰ, ਵਰਨ ਦੀਪ ਕੌਰ, ਰਚਨਾ, ਸੁਮਨਦੀਪ, ਅਮਨਦੀਪ ਬਾਅਦ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਸਨ।