ਝੋਨੇ ਦੀ ਸਿੱਧੀ ਬਿਜਾਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਨਾਲ ਨਾਲ ਕਿਸਾਨਾਂ ਦੀ ਆਮਦਨ ਵਧਾਉਣ ’ਚ ਹੋਵੇਗੀ ਸਹਾਈ – ਡਾ.ਚਾਰੂਮਿਤਾ
ਬਲਵਿੰਦਰ ਸਿੰਘ ਧਾਲੀਵਾਲ
- ਖੇਤੀਬਾੜੀ ਵਿਭਾਗ ਵਲੋਂ ਪਿੰਡ ਮੰਗੂਪੁਰ ’ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰਦਰਸ਼ਨੀ ਪਲਾਂਟ
ਸੁਲਤਾਨਪੁਰ ਲੋਧੀ , 03 ਜੂਨ 2021 - ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਸ੍ਰੀ ਸੁਲਤਾਨਪੁਰ ਲੋਧੀ ਦੀ ਅਗਵਾਈ ਵਿੱਚ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਮੰਗੂਪੁਰ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਕਿਸਾਨ ਜਸਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਛੇ ਏਕੜ ਰਕਬੇ ਵਿੱਚ ਆਤਮਾ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਦਰਸ਼ਨੀ ਪਲਾਂਟ ਲਗਾਇਆ ਗਿਆ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਪੈਦਾ ਹੋਈ ਮੌਜੂਦਾ ਸਥਿਤੀ ਦੇ ਚਲਦਿਆਂ ਝੋਨੇ ਦੀ ਲਵਾਈ ਵਿੱਚ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਬਹੁਤ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਧਰਤੀ ਹੇਠਲੇ ਪਾਣੀ ’ਤੇ ਘੱਟ ਭਾਰ ਪਵੇਗਾ ਉਥੇ ਹੀ ਕਿਸਾਨਾਂ ਦੀ ਖੇਤੀ ਲਾਗਤਾਂ ਘੱਟਣ ਨਾਲ ਉਨਾਂ ਦੀ ਆਮਦਨ ਵਿੱਚ ਵੀ ਚੋਖਾ ਵਾਧਾ ਹੋਵੇਗਾ।
ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਪਾਣੀ ਜੀਵਨ ਦਾ ਅਧਾਰ ਹੈ, ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਦੀ ਸੰਭਾਲ ਦੇ ਨਾਲ ਨਾਲ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਬਚਾ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ.ਜਸਬੀਰ ਸਿੰਘ ਖਿੰਡਾ , ਖੇਤੀਬਾੜੀ ਵਿਕਾਸ ਅਫ਼ਸਰ ਡਾ.ਜਸਪਾਲ ਸਿੰਘ, ਏ.ਈ.ਓ ਪਰਮਿੰਦਰ ਕੁਮਾਰ ਵਲੋਂ ਵੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕਰਦਿਆਂ ਖੇਤੀਬਾੜੀ ਵਿਭਾਗ ਦੀ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਕਿਸਾਨ ਬਚਿੱਤਰ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ , ਮੇਜਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।