ਪੰਜਾਬ ਸਰਕਾਰ ਨੇ ਸਰਬਪੱਖੀ ਵਿਕਾਸ ਨਾਲ ਪਿੰਡਾਂ ਦੀ ਬਦਲੀ ਨੁਹਾਰ - ਐਮ ਪੀ ਤਿਵਾੜੀ
- ਬਲਾਚੌਰ ਦੇ ਪਿੰਡ ਰੋੜੀ ਵਿਖੇ 11 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਕੀਤੇ ਲੋਕ ਅਰਪਿਤ
ਬਲਾਚੌਰ, 13 ਜੂਨ 2021 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਬਪੱਖੀ ਵਿਕਾਸ ਰਾਹੀਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਅੱਜ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਬਲਾਚੌਰ ਹਲਕੇ ਦੇ ਪਿੰਡ ਰੋੜੀ ਵਿਖੇ 11 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਸੂਬੇ ਦੇ ਪਿੰਡਾਂ ਦਾ ਇੰਨਾ ਵਿਕਾਸ ਪਹਿਲਾਂ ਕਦੇ ਨਹੀਂ ਹੋਇਆ, ਜਿੰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੋਰੋਨਾ ਮਹਾਮਾਰੀ ਦੇ ਬਾਵਜੂਦ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ।
ਬਲਾਚੌਰ ਹਲਕੇ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਬਲਾਚੌਰ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਅਤੇ ਇਥੇ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨਾਂ ਦੱਸਿਆ ਕਿ ਹਲਕੇ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ 34 ਕਰੋੜ ਰੁਪਏ ਦੀ ਲਾਗਤ ਨਾਲ ਖੇਤੀਬਾੜੀ ਕਾਲਜ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਅਗਸਤ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਉਨਾਂ ਕਿਹਾ ਕਿ ਉਨਾਂ ਹਲਕੇ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਆਪਣੇ ਪਿੰਡਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਜਿਹੜਾ ਵੀ ਪਿੰਡ ਇਹ ਟੀਚਾ ਪ੍ਰਾਪਤ ਕਰੇਗਾ, ਪੰਜਾਬ ਸਰਕਾਰ ਵੱਲੋਂ ਉਸ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਹਰਜੀਤ ਸਿੰਘ ਜਾਡਲੀ, ਚੇਅਰਮੈਨ ਪੰਚਾਇਤ ਸੰਮਤੀ ਸੜੋਆ ਗੌਰਵ ਕੁਮਾਰ, ਵਾਈਸ ਚੇਅਰਮੈਨ ਸਤੀਸ਼ ਕੁਮਾਰ, ਐਸ. ਡੀ. ਐਮ ਦੀਪਕ ਰੁਹੇਲਾ, ਡੀ. ਐਸ. ਪੀ ਤਰਲੋਚਨ ਸਿੰਘ, ਬੀ. ਡੀ. ਪੀ. ਓ ਰਵਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ, ਪਟਵਾਰੀ ਗਿਆਨ ਚੰਦ, ਸਰਪੰਚ ਜੋਗਿੰਦਰ ਸਿੰਘ, ਸ਼ਾਮ ਸੁੰਦਰ, ਸੁਰਿੰਦਰ ਪਾਲ, ਸਤਪਾਲ ਸਿੰਘ, ਸੁੱਚਾ ਸਿੰਘ, ਡਾ. ਪ੍ਰੇਮ ਚੰਦ, ਹਰਬੰਸ ਸਿੰਘ, ਪ੍ਰੇਮ ਚੰਦ, ਬਲਦੇਵ ਸਿੰਘ, ਪੰਚ ਬੀਰਬਲ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।