ਅਸ਼ੋਕ ਵਰਮਾ
ਚੰਡੀਗੜ੍ਹ, 14 ਜੂਨ 2021: ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਜਾਨ-ਹੂਲਵਾਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਦਿੱਲੀ ਟਿਕਰੀ ਮੋਰਚੇ ਤੋਂ ਇਲਾਵਾ ਪੰਜਾਬ ਵਿੱਚ ਵੀ ਥਾਂ ਥਾਂ ਚੱਲ ਰਹੇ ਧਰਨਿਆਂ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਥਾਂਈਂ ਦੋ ਮਿੰਟ ਦਾ ਮੌਨ ਧਾਰ ਕੇ ਗੁਰੂ ਜੀ ਦੀ ਮਹਾਨ ਘਾਲਣਾ ਨੂੰ ਸਿਜਦਾ ਕੀਤਾ ਗਿਆ। ਬੁਲਾਰਿਆਂ ਵੱਲੋਂ ਉਨ੍ਹਾਂ ਦੀ ਲੋਕ ਪੱਖੀ ਘਾਲਣਾ ਅਤੇ ਮਿਸਾਲੀ ਕੁਰਬਾਨੀ ਬਾਰੇ ਚਾਨਣਾ ਪਾਉਂਦਿਆਂ ਜੈ ਜੈਕਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਸਮੇਂ ਦੀ ਜ਼ਾਲਮ ਮੁਗਲ ਹਕੂਮਤ ਵਿਰੁੱਧ ਗੁਰੂ ਜੀ ਵੱਲੋਂ ਆਵਾਜ਼ ਉਠਾਉਣ ਬਦਲੇ ਉਨ੍ਹਾਂ ਨੂੰ ਤੱਤੀ ਤਵੀ ਉੱਤੇ ਬਿਠਾ ਕੇ ਥੱਲੇ ਅੱਗ ਬਾਲ ਕੇ ਅੰਤਾਂ ਦੇ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅੱਜ ਵੀ ਜਾਬਰ ਮੋਦੀ ਹਕੂਮਤ ਵਿਰੁੱਧ ਲਗਾਤਾਰ ਅੱਗੇ ਵਧ ਰਿਹਾ ਕਿਸਾਨ ਘੋਲ਼ ਇਸੇ ਕਿਸਮ ਦੀ ਦ੍ਰਿੜ੍ਹਤਾ ਅਤੇ ਕੁਰਬਾਨੀਆਂ ਦੀ ਮੰਗ ਕਰ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਉਸ ਵੇਲੇ ਦੇ ਮਲਕ ਭਾਗੋ ਅੱਜ ਅਡਾਨੀ ਅੰਬਾਨੀ ਅਤੇ ਦੇਸੀ ਬਦੇਸ਼ੀ ਲੁਟੇਰੇ ਕਾਰਪੋਰੇਟਾਂ ਦਾ ਰੂਪ ਧਾਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਅਤੇ ਨਿਜੀਕਰਨ ਦੀਆਂ ਨੀਤੀਆਂ ਰਾਹੀਂ ਇਨ੍ਹਾਂ ਦੇ ਹੀ ਵਾਰੇ ਨਿਆਰੇ ਕਰਨ 'ਤੇ ਤੁਲੀ ਹੋਈ ਮੋਦੀ ਹਕੂਮਤ ਵੱਲੋਂ ਸੰਗਰਾਮੀ ਕਿਸਾਨਾਂ ਵਿਰੁੱਧ ਅਪਣਾਈ ਗਈ ਦੁਸ਼ਮਣੀ ਭਰੀ ਅੜੀ ਹੁਣ ਤੱਕ 500 ਤੋਂ ਵੱਧ ਕਿਸਾਨਾਂ ਮਜ਼ਦੂਰਾਂ ਦੀ ਬਲੀ ਲੈ ਚੁੱਕੀ ਹੈ। ਪਰ ਗੁਰੂ ਸਾਹਿਬ ਅਤੇ ਹੋਰ ਅਣਗਿਣਤ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਜੁਝਾਰੂ ਕਿਸਾਨ ਮਜ਼ਦੂਰ ਭਾਰੀ ਔਕੜਾਂ ਨੂੰ ਸਰ ਕਰਦੇ ਹੋਏ ਲਗਾਤਾਰ ਅੱਗੇ ਵਧ ਰਹੇ ਹਨ।
ਉਨ੍ਹਾਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਫਸਲਾਂ ਕੌਡੀਆਂ ਦੇ ਭਾਅ ਲੁੱਟ ਲੁੱਟ ਕੇ ਅਤੇ ਜ਼ਮੀਨਾਂ ਹਥਿਆ ਕੇ ਕਾਰਪੋਰੇਟ ਖੇਤੀ ਫਾਰਮ ਬਣਾਉਣ ਲਈ ਘੜੇ ਗਏ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਜੁਝਾਰੂ ਕਿਸਾਨ ਕਦੇ ਵੀ ਪਿੱਛੇ ਨਹੀਂ ਮੁੜਨਗੇ। ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਗੁਰਪ੍ਰੀਤ ਕੌਰ ਬਰਾਸ ਅਤੇ ਜਗਤਾਰ ਸਿੰਘ ਕਾਲਾਝਾੜ ਸਮੇਤ ਜਿਲ੍ਹਾ ਤੇ ਬਲਾਕ ਪੱਧਰੇ ਆਗੂ ਸ਼ਾਮਲ ਸਨ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਕਿ ਦਿੱਲੀ ਮੋਰਚਿਆਂ ਵਿੱਚ ਵੀ ਗਿਣਤੀ ਹੋਰ ਵਧਾਈ ਜਾਵੇ। ਝੂਠੇ ਕੇਸਾਂ ਵਿੱਚ ਸਾਲਾਂ ਤੋਂ ਜੇਲ੍ਹੀਂ ਡੱਕੇ ਦੇਸ਼ ਭਰ ਦੇ ਜਮਹੂਰੀ ਕਾਰਕੁੰਨਾਂ ਤੇ ਬੁੱਧੀਜੀਵੀਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਯੂਏਪੀਏ ਵਰਗੇ ਜਾਬਰ ਕਾਲੇ ਕਾਨੂੰਨ ਰੱਦ ਕਰਨ ਦੇ ਪਹਿਲਾਂ ਹੀ ਉਲੀਕੇ ਹੋਏ ਪ੍ਰੋਗਰਾਮ ਦੀ ਲੜੀ ਵਜੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਤੇ ਰੋਸ ਮਾਰਚ ਵੀ ਕੀਤਾ ਗਿਆ ।