ਜਲੰਧਰ 14 ਜੂਨ 2021: ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜਲੰਧਰ ਇਕਾਈ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਬੁੱਧੀਜੀਵੀਆਂ ਦੀ ਬਿਨਾਂ ਸ਼ਰਤ ਰਿਹਾਈ ਲਈ 15 ਜੂਨ ਦਿਨੇ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਾਂਝੇ ਤੌਰ ‘ਤੇ ਵਿਚਾਰ-ਚਰਚਾ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਵਿਖਾਵਾ ਕੀਤਾ ਜਾਏਗਾ।
ਅੱਜ ਦੇਸ਼ ਭਗਤ ਯਾਦਗਾਰ ਹਾਲ ‘ਚ ਦੋਵੇਂ ਸੰਸਥਾਵਾਂ ਦੇ ਪ੍ਰਤੀਨਿੱਧਾਂ ਦੀ ਹੋਈ ਸਾਂਝੀ ਮੀਟਿੰਗ ‘ਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਅਜਮੇਰ ਸਿੰਘ, ਸਹਾਇਕ ਸਕੱਤਰ ਡਾ. ਪਰਮਿੰਦਰ ਸਿੰਘ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਅਤੇ ਜਮਹੂਰੀ ਅਧਿਕਾਰ ਸਭਾ ਦੇ ਜ਼ਿਲਾ ਪ੍ਰਧਾਨ ਜਸਵਿੰਦਰ ਭੋਗਲ, ਸਕੱਤਰ ਡਾ. ਮੰਗਤ ਰਾਏ ਵੱਲੋਂ ਜਾਰੀ ਸਾਂਝੇ ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਜਮਹੂਰੀ ਹੱਕਾਂ, ਇਨਸਾਫ਼, ਸਮਾਜਕ ਨਿਆਂ ਅਤੇ ਜਮਹੂਰੀ-ਨੈਤਿਕ ਕਦਰਾਂ ਕੀਮਤਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਬੁੱਧੀਜੀਵੀਆਂ, ਲੇਖਕਾਂ, ਸਾਹਿਤਕਾਰਾਂ, ਕਵੀਆਂ, ਰੰਗ ਕਰਮੀਆਂ, ਜਮਹੂਰੀ ਅਤੇ ਸਮਾਜਕ ਕਾਰਕੁੰਨਾਂ ਨੂੰ ਦੇਸ਼-ਧ੍ਰੋਹ ਦੇ ਝੂਠੇ ਕੇਸਾਂ ਤਹਿਤ ਜੇਲ੍ਹੀਂ ਡੱਕਣਾ, ਜਮਾਨਤ ਤੱਕ ਤੋਂ ਵੀ ਕੋਰਾ ਜਵਾਬ ਦੇਣਾ ਜਮਹੂਰੀ ਹੱਕਾਂ ਦਾ ਘਾਣ ਕਰਨਾ ਹੈ।
ਬੁੱਧੀਜੀਵੀਆਂ ਦੀ ਰਿਹਾਈ ਲਈ ਦੋਵੇਂ ਸੰਸਥਾਵਾਂ ਵਿਚਾਰ-ਚਰਚਾ ਅਤੇ ਮਾਰਚ ਕਰਕੇ ਜ਼ੋਰਦਾਰ ਮੰਗ ਕਰਨਗੀਆਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਕੇ ਗਵਰਨਰ ਪੰਜਾਬ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣਗੀਆਂ।
ਗੀਤ-ਸੰਗੀਤ ਨਾਲ ਸ਼ੁਰੂ ਹੋਣ ਵਾਲੇ ਇਸ ਸਮਾਗਮ ਦੇ ਆਰੰਭ ਵਿੱਚ ਜਮਹੂਰੀ ਅਧਿਕਾਰ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਨਾਮਵਰ ਨਾਟਕਕਾਰ ਪ੍ਰੋ.ਅਜਮੇਰ ਔਲਖ ਦੇ ਵਿਛੋੜਾ ਦਿਵਸ (15 ਜੂਨ 2017) ਖੜ੍ਹੇ ਹੋ ਕੇ ਸ਼ਰਧਾਂਜ਼ਲੀ ਭੇਂਟ ਕੀਤੀ ਜਾਏਗੀ।
ਉਹਨਾਂ ਦੱਸਿਆ ਕਿ ਇਸ ਸਮਾਗਮ ‘ਚ ਸ਼ਹੀਦ ਭਗਤ ਸਿੰਘ ਦੇ ਭਾਣਜੇ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰੋ.ਜਗਮੋਹਨ ਸਿੰਘ ਮੁੱਖ ਬੁਲਾਰੇ ਹੋਣਗੇ। ਉਹਨਾਂ ਤੋਂ ਇਲਾਵਾ ਮਜ਼ਦੂਰ, ਕਿਸਾਨ, ਮੁਲਾਜ਼ਮ, ਤਰਕਸ਼ੀਲ ਅਤੇ ਸਾਹਿਤਕ/ਸਭਿਆਚਾਰਕ ਸੰਸਥਾਵਾਂ ਦੇ ਨੁੰਮਾਇੰਦੇ ਵੀ ਸੰਬੋਧਨ ਕਰਨਗੇ।