ਕੋਵਿਡ ਮੁਕਤੀ ਵੱਲ ਤੇਜ਼ੀ ਨਾਲ ਵੱਧ ਰਿਹਾ ਜ਼ਿਲ੍ਹਾ ਨਵਾਂ ਸ਼ਹਿਰ - ਡਾ. ਕਪੂਰ
ਨਵਾਂਸ਼ਹਿਰ 16 ਜੂਨ 2021 - ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ 1190 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 155400 ਨੂੰ ਪਾਰ ਕਰ ਗਈਆਂ ਹਨ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ 1194 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਦੇ ਵਿਰੁੱਧ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ, 18-45 ਉਮਰ ਵਰਗ 'ਚ ਉਸਾਰੀ ਕਾਮਿਆਂ, ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ, ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਸਮੇਤ ਹੋਰਨਾਂ ਯੋਗ ਵਿਅਕਤੀਆਂ ਨੇ ਹੁਣ ਤੱਕ ਕੁੱਲ 155443 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 173, ਬਲਾਚੌਰ ਵਿਚ 229, ਮੁਜ਼ੱਫਰਪੁਰ ਵਿਚ 178, ਮੁਕੰਦਪੁਰ ਵਿਚ 240, ਸੁੱਜੋਂ ਵਿਚ 226, ਬੰਗਾ ਵਿਚ 108 ਅਤੇ ਸੜੋਆ ਵਿਚ 40 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ ਦੇ ਮਾਮਲੇ ਨਿਰੰਤਰ ਘਟ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕਦਮ ਕੋਵਿਡ ਮੁਕਤ ਰੁਤਬੇ ਵੱਲ ਤੇਜ਼ੀ ਨਾਲ ਵਧ ਰਹੇ ਹਨ। ਹਾਲਾਂਕਿ ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ।ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 14 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਸ਼ਹਿਰ ਵਿੱਚ ਕੁੱਲ 130 ਐਕਟਿਵ ਮਰੀਜ਼ ਰਹਿ ਗਏ ਹਨ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 16 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 237443 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11319 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10840 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜੂਦਾ ਦਰ 95.76 ਫੀਸਦ ਹੋ ਗਈ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.76 ਫੀਸਦੀ ਹੈ, ਜਦੋਂਕਿ ਸੈਂਪਲਿੰਗ ਟੀਮਾਂ ਵੱਲੋਂ ਕੀਤੇ ਗਏ 924 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।