ਜਮਹੂਰੀ ਹੱਕ ਕੁਚਲਣ ਵਾਲੇ ਜਾਬਰ ਕਾਨੂੰਨ ਰੱਦ ਕਰਨ ਤੇ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਨੂੰ ਰਿਹਾਅ ਕਰਵਾਉਣ ਲਈ ਮਾਰਚ
ਅਸ਼ੋਕ ਵਰਮਾ
ਬਠਿੰਡਾ 16 ਜੂਨ 2021: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜਿਲ੍ਹਾ ਬਠਿੰਡਾ ਵੱਲੋਂ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਦੀ ਮੰਗ ਲਈ ਡਿਪਟੀ ਕਮਿਸ਼ਨਰ ਦਫਤਰ ਕੋਲ ਕਨਵੈਨਸ਼ਨ ਕਰ ਕੇ ਪੁਰਾਣੇ ਬੱਸ ਅੱਡੇ ਤੱਕ ਮੁਜ਼ਾਹਰਾ ਕੀਤਾ ਗਿਆ ਅਤੇ ਨਾਲ ਹੀ ਜਮਹੂਰੀ ਹੱਕਾਂ ਦਾ ਦਮਨ ਕਰਨ ਵਾਲੇ ਯੂ ਏ ਪੀ ਏ , ਐਨ ਐਸ ਏ ਤੇ ਦੇਸ਼ ਧ੍ਰੋਹ ਵਰਗੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਆਵਾਜ਼ ਉਠਾਈ ਗਈ। ਇਹ ਕਨਵੈਨਸਨ ਕੌਮੀ ਪੱਧਰ 'ਤੇ ਜਮਹੂਰੀ ਜਥੇਬੰਦੀਆਂ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਦਿੱਤੇ ਪੰਦਰਵਾੜਾ ਮਨਾਉਣ ਦੇ ਸੱਦੇ ਤਹਿਤ ਕੀਤੀ ਗਈ । ਇਕੱਠ ਨੂੰ ਸੰਬੋਧਨ ਹੁੰਦਿਆਂ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਐਨ ਕੇ ਜੀਤ, ਸਾਹਿਤਕਾਰ ਜਸਪਾਲ ਮਾਨਖੇੜਾ ਅਤੇ ਕਹਾਣੀਕਾਰ ਲੇਖਕ ਅਤਰਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਅੰਦਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਬੁਰੀ ਤਰ੍ਹਾਂ ਦਮਨ ਕਰ ਰਹੀ ਹੈ।
ਲੋਕਾਂ ਦੇ ਹੱਕਾਂ ਲਈ ਲਿਖਣ ਤੇ ਬੋਲਣ ਵਾਲੇ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਦਰਜਨਾਂ ਕਾਰਕੁੰਨਾਂ ਨੂੰ ਮੋਦੀ ਹਕੂਮਤ ਨੇ ਦੇਸ਼ ਧ੍ਰੋਹ ਵਰਗੇ ਝੂਠੇ ਕੇਸਾਂ ਤਹਿਤ ਜੇਲ੍ਹੀਂ ਡੱਕਿਆ ਹੋਇਆ ਹੈ। ਭੀਮਾ ਕੋਰੇਗਾਓਂ ਦੇ ਝੂਠੇ ਕੇਸ ਅੰਦਰ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਨੂੰ ਤਿੰਨ ਸਾਲ ਹੋ ਚੁੱਕੇ ਹਨ। ਇਨ੍ਹਾਂ 'ਚ ਕਈ ਬਜ਼ੁਰਗ ਤੇ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਲੋਕ ਵੀ ਹਨ ਜਿਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ। ਕੋਰੋਨਾ ਵਾਇਰਸ ਮਹਾਂਮਾਰੀ ਦੇ ਕਹਿਰ ਦਰਮਿਆਨ ਵੀ ਸਰਕਾਰ ਕੋਈ ਪ੍ਰਵਾਹ ਨਹੀਂ ਕਰ ਰਹੀ ਕਿਉਂਕਿ ਉਸ ਵੱਲੋਂ ਇਨ੍ਹਾਂ ਲੋਕਾਂ ਨੂੰ ਜੇਲ੍ਹਾਂ 'ਚ ਹੀ ਮਰ ਜਾਣ ਲਈ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਤਿੰਨ ਸਾਲਾੰ ਵਿੱਚ ਅੱਜ ਤਕ ਮੋਦੀ ਸਰਕਾਰ ਕੋਈ ਦੋਸ਼ ਸਾਬਤ ਨਹੀਂ ਕਰ ਸਕੀ ਅਤੇ ਅਦਾਲਤ ਵੱਲੋਂ ਕੱਲ ਵਿਦਿਆਰਥੀ ਨਤਾਸ਼ਾ ਨਰਵਾਲ ਸਮੇਤ ਤਿੰਨ ਨੂੰ ਜ਼ਮਾਨਤ ਦੇਣੀ ਪਈ ।
ਉਨ੍ਹਾਂ ਕਿਹਾ ਕਿ ਪੰਜਾਬੀ ਦੇ ਕਲਮਕਾਰ ਤੇ ਕਲਾਕਾਰ ਜਮਹੂਰੀ ਹੱਕਾਂ ਦੀ ਲਹਿਰ 'ਚ ਹਮੇਸ਼ਾ ਅੰਗ ਸੰਗ ਰਹੇ ਹਨ ਤੇ ਹੁਣ ਵੀ ਮੋਦੀ ਹਕੂਮਤ ਦੇ ਫਾਸ਼ੀ ਹਮਲੇ ਮੂਹਰੇ ਡਟ ਕੇ ਲੋਕਾਂ ਨਾਲ ਖੜ੍ਹੇ ਹਨ । ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਆਗੂ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਇਨ੍ਹਾਂ ਰੌਸ਼ਨ ਦਿਮਾਗ ਲੋਕਾਂ ਨੂੰ ਜੇਲ੍ਹੀਂ ਡੱਕਣ ਦਾ ਕਾਰਨ ਇਨ੍ਹਾਂ ਵੱਲੋਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਤੇ ਚੇਤਨ ਕਰਨਾ ਹੈ। ਇਹ ਦਹਾਕਿਆਂ ਤੋਂ ਆਦਿਵਾਸੀਆਂ, ਗ਼ਰੀਬ ਕਿਸਾਨਾਂ, ਦਲਿਤਾਂ, ਔਰਤਾਂ ਤੇ ਸਮਾਜ ਤੇ ਹੋਰ ਮਿਹਨਤਕਸ਼ ਤਬਕਿਆਂ ਦੇ ਹੱਕਾਂ ਲਈ ਬੋਲਦੇ, ਲਿਖਦੇ ਤੇ ਡਟਦੇ ਆ ਰਹੇ ਹਨ।
ਇਨ੍ਹਾਂ ਨੂੰ ਜੇਲ੍ਹੀਂ ਡੱਕ ਕੇ ਹਕੂਮਤ ਸਮਾਜ ਦੇ ਇਸ ਤਬਕੇ ਦੇ ਮਨਾਂ 'ਚ ਖ਼ੌਫ਼ ਬਿਠਾਉਣਾ ਚਾਹੁੰਦੀ ਹੈ ਅਤੇ ਲੋਕਾਂ ਦੇ ਹੱਕਾਂ ਦੀ ਲਹਿਰ ਨੂੰ ਇਨ੍ਹਾਂ ਲੋਕਾਂ ਦੇ ਸਾਥ ਤੋਂ ਵਾਂਝਾ ਕਰਨਾ ਚਾਹੁੰਦੀ ਹੈ। ਇਨ੍ਹਾਂ ਦੀ ਰਿਹਾਈ ਲਈ ਉੱਠਦੀ ਹਰ ਆਵਾਜ਼ 'ਤੇ ਵੀ ਮਾਓਵਾਦੀ ਜਾਂ ਦੇਸ਼ ਧ੍ਰੋਹੀ ਹੋਣ ਦਾ ਲੇਬਲ ਚਿਪਕਾ ਦਿੱਤਾ ਜਾਂਦਾ ਹੈ। ਇਸ ਮੌਕੇ ਨੌਜਵਾਨ ਭਾਰਤ ਸਭਾ ਗੋਰਾ ਸਿੰਘ ,ਪੀ ਐੱਸ ਯੂ ਸ਼ਹੀਦ ਰੰਧਾਵਾ ਅਮੀਤੋਜ ਮੌੜ ,ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਵਰਿੰਦਰ ਸਿੰਘ ,ਹਰਜੀਤ ਜੀਦਾ,ਜਗਰੂਪ ਸਿੰਘ ਨੇ ਵੀ ਸੰਬੋਧਨ ਕੀਤਾ । ਸਟੇਜ ਦੀ ਕਾਰਵਾਈ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਨਿਭਾਈ । ਅਜਮੇਰ ਸਿੰਘ ਅਕਲੀਆ ਅਤੇ ਬਲਜਿੰਦਰ ਕੌਰ ਗੁਰੂਸਰ ਨੇ ਲੋਕ ਪੱਖੀ ਗੀਤ ਪੇਸ਼ ਕੀਤੇ ।