ਬਠਿੰਡਾ: ਬੁੱਧੀਜੀਵੀਆਂ ਦੀ ਰਿਹਾਈ ਲਈ ਕਨਵੈਨਸ਼ਨ ਸ਼ਨੀਵਾਰ ਨੂੰ
ਅਸ਼ੋਕ ਵਰਮਾ
ਬਠਿੰਡਾ, 18 ਜੂਨ 2021 - ਜਮਹੂਰੀ ਅਧਿਕਾਰ ਸਭਾ ਵੱਲੋਂ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗਿ੍ਰਫਤਾਰ ਕੀਤੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਅਤੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਲਈ 19 ਜੂਨ ਸ਼ਨੀਵਾਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਜਮਹੂਰੀ ਚੇਤਨਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਰੀ ਕੀਤੇ ਇਕ ਪ੍ਰੈਸ ਬਿਆਨ ਰਾਹੀਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਪਿ੍ਰੰਸੀਪਲ ਬੱਗਾ ਸਿੰਘ, ਜਨਰਲ ਸਕੱਤਰ ਪਿ੍ਰਤਪਾਲ ਸਿੰਘ ਤੇ ਪ੍ਰੈੱਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਕਿਹਾ ਕਿ ਉਸ ਦਿਨ ਜਮਹੂਰੀ ਹੱਕਾਂ ਦਾ ਦਮਨ ਕਰਨ ਵਾਲੇ ਯੂ ਏ ਪੀ ਏ, ਐਨ ਐਸ ਏ ਤੇ ਦੇਸ਼ ਧ੍ਰੋਹ ਵਰਗੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਆਵਾਜ਼ ਉਠਾਈ ਜਾਵੇਗੀ ਜੋ ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਵੱਲੋਂ ਪੰਦਰਵਾੜਾ ਮਨਾਉਣ ਦੇ ਸੱਦੇ ਦੀ ਇੱਕ ਕੜੀ ਹੋਵੇਗੀ।
ਉਹਨਾਂ ਕਿਹਾ ਕਿ ਲੋਕਾਂ ਲਈ ਬੋਲਣ ਵਾਲੇ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਭੀਮਾ ਕੋਰੇਗਾਓਂ ਦੇ ਝੂਠੇ ਕੇਸ ਅੰਦਰ ਗਿ੍ਰਫ਼ਤਾਰ ਕੀਤਿਆਂ ਤਿੰਨ ਸਾਲ ਹੋ ਚੁੱਕੇ ਹਨ ਜਿੰਨ੍ਹਾਂ ‘ਚ ਕਈ ਬਜੁਰਗ ਤੇ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਲੋਕ ਵੀ ਹਨ ਫਿਰ ਵੀ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਜਮਹੂਰੀ ਅਧਿਕਾਰ ਸਭਾ ਦੇ ਜਨਰਲ ਸਕੱਤਰ ਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਕਨਵੈਨਸ਼ਨ ਦੇ ਮੁੱਖ ਬੁਲਾਰੇ ਹੋਣਗੇ ਅਤੇ ਐਡਵੋਕੇਟ ਸੁਦੀਪ ਸਿੰਘ ਕਾਲੇ ਕਨੂੰਨਾਂ ਸਬੰਧੀ ਜਾਣਕਾਰੀ ਦੇਣਗੇ।
ਉਹਨਾਂ ਕਿਹਾ ਕਿ ਬੁੱਧੀਜੀਵੀਆਂ ਨੂੰ ਜੇਲ੍ਹੀਂ ਬੰਦ ਰੱਖ ਕੇ ਹਕੂਮਤ ਲੋਕਾਂ ਨੂੰ ਇਨ੍ਹਾਂ ਦੀ ਰਹਿਨੁਮਾਈ ਤੋਂ ਵਾਂਝੇ ਰੱਖਣਾ ਚਾਹੁੰਦੀ ਹੈ। ਉਨ੍ਹਾਂ ਜਨਤਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਗਿ੍ਰਫਤਾਰ ਕੀਤੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ, ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਲਈ ਅਤੇ ਵਿਚਾਰ ਪ੍ਰਗਟਾਵੇ ਦੇ ਜਮਹੂਰੀ ਹੱਕ ਦੀ ਰਾਖੀ ਲਈ ਆਵਾਜ ਉਠਾਉਣ ਵਾਸਤੇ ਕਨਵੈਂਨਸ਼ਨ ਵਿੱਚ ਸ਼ਮੂਲੀਅਤ ਕਰਨ।