ਕਰੋਨਾ ਦੀ ਰੋਕਥਾਮ ਵਾਸਤੇ ਹਰ ਨਾਗਰਿਕ ਲਈ ਟੀਕਾਕਰਨ ਜ਼ਰੂਰੀ - ਡੀ ਸੀ ਫਰੀਦਕੋਟ
ਪਰਵਿੰਦਰ ਸਿੰਘ ਕੰਧਾਰੀ
- ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਤੇ ਕੈਂਪਾਂ ਵਿੱਚ ਮੁਫਤ ਟੀਕਾਕਰਨ ਦੀ ਸਹੂਲਤ
ਫਰੀਦਕੋਟ 22 ਜੁਲਾਈ 2021 - ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਬੀਤੀ ਸ਼ਾਮ ਆਪਣੇ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਦੇ ਰੂਬਰੂ ਹੋ ਕੇ ਕਰੋਨਾ ਸਬੰਧੀ ਤਾਜ਼ਾ ਸਥਿਤੀ, ਇਸ ਤੋਂ ਬਚਾਅ ਆਦਿ ਸਮੇਤ ਹੋਰ ਮੁੱਦਿਆਂ ਬਾਰੇ ਗੱਲ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦਾ ਟਾਕਰਾ ਕਰਨ ਲਈ ਅਸੀਂ ਪੂਰੀ ਜਿੱਦੋ ਜਹਿਦ ਕਰ ਰਹੇ ਹਾਂ ਅਤੇ ਕਾਫੀ ਹੱਦ ਤੱਕ ਸਫਲਤਾ ਵੀ ਹਾਸਿਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਕਰੋਨਾ ਮਹਾਂਮਾਰੀ ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ। ਇਸ ਸਬੰਧੀ ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ੋਰਾਂ ਸ਼ੋਰਾਂ ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਮੁਹਿੰਮ ਵਿੱਚ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰ ਦੇ ਲੋਕ, ਗ੍ਰਾਮ ਪੰਚਾਇਤਾਂ, ਸਿਹਤ ਵਿਭਾਗ ਅੱਗੇ ਆ ਕੇ ਹਿੱਸਾ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਟੀਕਾਕਰਨ ਕੇਂਦਰਾਂ ਵਿੱਚ ਸਿਹਤ ਵਿਭਾਗ ਵੱਲੋਂ ਮੁਫਤ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਅਤੇ 18 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਮੁਫ਼ਤ ਟੀਕਾ ਲਗਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਕੂਲ, ਕਾਲਜ, ਵਿੱਦਿਅਕ ਸੰਸਥਾਵਾਂ ਖੁੱਲਣ ਜਾ ਰਹੀਆਂ ਹਨ ਇਸ ਲਈ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਹੁਣ ਕਿਸੇ ਕਿਸਮ ਦੀ ਢਿੱਲ ਨਾ ਕੀਤੀ ਜਾਵੇ।ਇਸ ਤੋਂ ਇਲਾਵਾ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰਾਂ ਵਿੱਚ 50% ਤੋਂ ਵੱਧ ਇੱਕਠ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਰ,ਰੈਸਟੋਰੇਂਟ ਜਾਂ ਭੀੜ ਵਾਲੀਆਂ ਥਾਵਾਂ ਤੇ ਕਰੋਨਾ ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ/ਪੰਜਾਬ ਸਰਕਾਰ ਵੱਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਕਰੋਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿਚ ਖੰਘ, ਜ਼ੁਕਾਮ ਬੁਖਾਰ ਆਦਿ ਦੇ ਲੱਛਣ ਦਿਸਣ ਤਾਂ ਤੁਰੰਤ ਇਸ ਦਾ ਨੇੜੇ ਦੇ ਫਲੂ ਕਾਰਨਰਾਂ ਵਿਖੇ ਸੈਂਪਲ ਦੇ ਕੇ ਟੈਸਟ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਸ ਦਾ ਖਾਤਮਾ ਕੀਤਾ ਜਾ ਸਕੇ। ਹੋਰ ਜ਼ਿਆਦਾ ਜਾਣਕਾਰੀ ਲਈ ਸਿਹਤ ਵਿਭਾਗ ਦੇ ਟੋਲ ਫਰੀ ਹੈਲਪ ਲਾਈਨ ਨੰ: 104 ਤੇ ਸੰਪਰਕ ਕੀਤਾ ਜਾ ਸਕਦਾ ਹੈ।