ਸਕੂਲਾਂ ਦੀ ਦੂਜੇ ਦੌਰ ਦੀ ਤਾਲਾਬੰਦੀ ਦੇ ਖਾਤਮੇ ਉਪਰੰਤ 26 ਜੁਲਾਈ ਤੋਂ ਸਕੂਲਾਂ 'ਚ ਮੁੜ ਪਰਤਣਗੀਆਂ ਰੌਣਕਾਂ
- ਦਸਵੀਂ ਤੋਂ ਬਾਰਵੀਂ ਜਮਾਤਾਂ ਦੇ ਵਿਦਿਆਰਥੀ ਆਉਣਗੇ ਸਕੂਲ।
- ਸਰਕਾਰੀ ਸਕੂਲਾਂ 'ਚ ਜਮਾਤਾਂ ਲਗਾਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ-ਤੂਰ
ਬਰਨਾਲਾ,25 ਜੁਲਾਈ 2021 - ਸੂਬੇ 'ਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀ ਸਥਿਤੀ 'ਚ ਸੁਧਾਰ ਹੋਣ 'ਤੇ ਸਰਕਾਰ ਵੱਲੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲਣ ਦੇ ਫੈਸਲੇ ਨਾਲ ਸਕੂਲਾਂ ਵਿੱਚ ਅੱਜ ਤੋਂ ਮੁੜ ਰੌਣਕਾਂ ਪਰਤਣਗੀਆਂ।ਵਰਣਨਯੋਗ ਹੈ ਕਿ ਵਿਦਿਆਰਥੀਆਂ ਨੂੰ ਕੋਰੋਨਾ ਦੀ ਦੂਜੀ ਲਹਿਰ ਤੋਂ ਸੁਰੱਖਿਅਤ ਰੱਖਣ ਹਿੱਤ ਸਰਕਾਰ ਵੱਲੋਂ ਇਸ ਵਰ੍ਹੇ ਮਾਰਚ ਮਹੀਨੇ ਸਕੂਲਾਂ ਦੀ ਤਾਲਾਬੰਦੀ ਕਰ ਦਿੱਤੀ ਸੀ।ਇਸ ਦੌਰਾਨ ਬੇਸ਼ੱਕ ਅਧਿਆਪਕ ਤਾਂ ਸਕੂਲਾਂ ਵਿੱਚ ਹਾਜ਼ਰ ਰਹਿ ਕੇ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਪੜ੍ਹਾਈ ਕਰਵਾਉਂਦੇ ਰਹੇ, ਪਰ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਨਹੀਂ ਸੀ।ਹੁਣ ਕੋਰੋਨਾ ਹਾਲਾਤਾਂ 'ਚ ਸੁਧਾਰ ਦੇ ਮੱਦੇਨਜ਼ਰ ਸਰਕਾਰ ਵੱਲੋਂ ਤਕਰੀਬਨ ਪੰਜ ਮਹੀਨਿਆਂ ਦੀ ਤਾਲਾਬੰਦੀ ਉਪਰੰਤ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਪੜਾਅਵਾਰ ਸਕੂਲ ਖੋਲਣ ਦੇ ਫੈਸਲੇ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜਮਾਤਾਂ ਲੱਗਣਗੀਆਂ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੇ ਫੈਸਲੇ ਦੀ ਜਾਣਕਾਰੀ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਦਿੱਤੀ ਜਾ ਚੁੱਕੀ ਹੈ ਅਤੇ ਸਕੂਲਾਂ ਵੱਲੋਂ ਇਹ ਜਾਣਕਾਰੀ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੱਕ ਵੀ ਪਹੁੰਚਦੀ ਕੀਤੀ ਜਾ ਚੁੱਕੀ ਹੈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੌਰਾਨ ਸਰਕਾਰ,ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੋਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਜਾਣੂ ਕਰਵਾ ਕੇ ਇਹਨਾਂ ਹਦਾਇਤਾਂ ਦੇ ਪਾਲਣ ਲਈ ਕਿਹਾ ਜਾ ਚੁੱਕਿਆ ਹੈ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਮਾਤ ਕਮਰਿਆਂ ਦੀ ਸਾਫ ਸਫਾਈ ਅਤੇ ਸੈਨੇਟਾਈਜੇਸ਼ਨ ਦੇ ਨਾਲ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।ਸਿੱਖਿਆ ਅਧਿਕਾਰੀਆਂ ਨੇ ਉਮੀਦ ਪ੍ਰਗਟਾਈ ਕਿ ਅੱਜ ਪਹਿਲੇ ਦਿਨ ਵਿਦਿਆਰਥੀ ਉਤਸ਼ਾਹ ਨਾਲ ਸਕੂਲਾਂ 'ਚ ਆਉਣਗੇ।ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪੋ ਆਪਣੇ ਬੱਚਿਆਂ ਨੂੰ ਕੋਰੋਨਾ ਹਦਾਇਤਾਂ ਦੀ ਪਾਲਣਾ ਲਈ ਪ੍ਰੇਰਿਤ ਕਰਦਿਆਂ ਲਾਜ਼ਮੀ ਤੌਰ 'ਤੇ ਸਕੂਲ ਭੇਜਿਆ ਜਾਵੇ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਬੇਸ਼ੱਕ ਕੋਰੋਨਾ ਦੀ ਦੂਜੀ ਲਹਿਰ ਵਿੱਚ ਸੁਧਾਰ ਹੋਇਆ ਹੈ ਪਰ ਸੁਰੱਖਿਆ ਨਿਯਮਾਂ ਦੀ ਪਾਲਣਾ ਹਾਲੇ ਵੀ ਬੇਹੱਦ ਜਰੂਰੀ ਹੈ।
ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਦੇ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ,ਸਰਕਾਰੀ ਹਾਈ ਸਕੂਲ ਕੁੱਬੇ ਦੀ ਹੈਡਮਿਸਟ੍ਰੈਸ ਮਲਕੀਤ ਕੌਰ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਇੰਚਾਰਜ਼ ਪਰਮਿੰਦਰ ਸਿੰਘ ਸਮੇਤ ਬਹੁਤ ਸਾਰੇ ਸਕੂਲ ਮੁਖੀਆਂ ਨੇ ਦੱਸਿਆ ਕਿ 26 ਜੁਲਾਈ ਤੋਂ ਉਹਨਾਂ ਦੇ ਸਕੂਲ ਦਸਵੀਂ,ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਖੁੱਲ ਰਹੇ ਹਨ।ਮੁਖੀਆਂ ਨੇ ਦੱਸਿਆ ਕਿ ਸਕੂਲ ਖੁੱਲਣ ਦੇ ਫੈਸਲੇ ਤੋਂ ਵਿਦਿਆਰਥੀ, ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਪੂਰੀ ਤਰ੍ਹਾਂ ਖੁਸ਼ ਅਤੇ ਉਤਸ਼ਾਹ ਵਿੱਚ ਹਨ।ਉਹਨਾਂ ਕਿਹਾ ਕਿ ਉਹਨਾਂ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੋਰੋਨਾ ਤੋਂ ਬਚਾਅ ਗਾਈਡਲਾਈਨਜ਼ ਦੇ ਪਾਲਣ ਸੰਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੁਕੰਮਲ ਤਿਆਰੀਆਂ ਕੀਤੀਆਂ ਗਈਆਂ ਹਨ।