ਅਸ਼ੋਕ ਵਰਮਾ
ਗੋਨਿਆਣਾ (ਬਠਿੰਡਾ) 26 ਜੁਲਾਈ 2021: ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਸਿਹਤ ਨੇ ਗੋਨਿਆਣਾ ਵਿਖੇ 5.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜੱਚਾ-ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰ ਤੇ ਹੋਰ ਅਮਲੇ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਦੀ ਕੋਈ ਸਮੱਸਿਆ ਨਹੀਂ ਆਉਣ ਦੇਵੇਗਾ ਜਿਸ ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ ਵਿਚ ਪੀਐਸਏ ਪਲਾਂਟ ਵੀ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਵਿੱਖ ਵਿਚ ਕਰੋੜਾਂ ਰੁਪਏ ਖ਼ਰਚ ਕੇ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। 20 ਬੈੱਡਾਂ ਵਾਲੇ ਜੱਚਾ-ਬੱਚਾ ਹਸਪਤਾਲ ਨੂੰ ਤਿਆਰ ਕਰਨ ਵਿਚ ਗੋਨਿਆਣਾ ਵਾਸੀਆਂ ਵਲੋਂ ਦਿੱਤੇ ਗਏ ਸਹਿਯੋਗ ਦੀ ਪ੍ਰਸੰਸਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਕਿਸੇ ਵੀ ਪ੍ਰਾਈਵੇਟ ਹਸਪਤਾਲ ਤੋਂ ਘੱਟ ਨਹੀਂ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਪਿਛਲੇ ਦੋ ਸਾਲਾਂ ਵਿਚ 11500 ਵੱਖ-ਵੱਖ ਕੇਡਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ 4 ਹਜ਼ਾਰ ਨਰਸਾਂ ਅਤੇ ਹੋਰ ਅਮਲੇ ਦੀ ਭਰਤੀ ਕੀਤੀ ਜਾਵੇਗੀ ਅਤੇ ਗੋਨਿਆਣਾ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਹਲਕੇ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ , ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ,ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਡਾਇਰੈਕਟਰ ਸਿਹਤ ਵਿਭਾਗ ਡਾ. ਆਦੇਸ਼ ਕੰਗ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਐਸ.ਸੀ. ਕਰਨਬੀਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਮਨਮੋਹਨ ਧੀਗੜਾ, ਮਾਰਕਿਟ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਤੇ ਮਨਦੀਪ ਸਿੰਘ ਮੱਕੜ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਪਤਵੰਤੇ ਹਾਜ਼ਰ ਸਨ।