ਮਾਨਸਾ ਦੇ ਪਿੰਡ ਫਫੜੇ ਭਾਈਕੇ 'ਚ ਨੌਜਵਾਨ ਖੁਦਕੁਸ਼ੀ ਮਾਮਲੇ 'ਚ ਪੰਚਾਇਤ ਨੇ ਮਜ਼ਦੂਰ ਮੁਕਤੀ ਮੋਰਚਾ ਦਾ ਪੁਤਲਾ ਫੂਕਿਆ
ਸੰਜੀਵ ਜਿੰਦਲ
ਮਾਨਸਾ, 31 ਜੁਲਾਈ 2021 : ਮਾਨਸਾ ਨੇੜਲੇ ਪਿੰਡ ਫਫੜੇ ਭਾਈਕੇ ਵਿੱਚ ਇੱਕ ਦਲਿਤ ਨੌਜਵਾਨ ਵਿੱਕੀ ਸਿੰਘ ਦੀ ਖੁਦਕੁਸ਼ੀ ਦਾ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ। ਪੰਚਾਇਤ ਅਤੇ ਜਥੇਬੰਦੀ ਵਿੱਚ ਸੁਲਝੇ ਹੋਏ ਵਿਅਕਤੀ ਹੋਣ ਦੇ ਬਾਵਜੂਦ ਕਹਾਣੀ ਕਿਸੇ ਤਣ-ਪੱਤਣ ਨਹੀਂ ਲੱਗੀ। ਦੋਹੇ ਧਿਰਾਂ ਇੱਕ ਦੂਜੇ ਦੇ ਵਿਰੋਧ ਵਿੱਚ ਡੱਟ ਗਈਆਂ ਹਨ। ਗ੍ਰਾਮ ਪੰਚਾਇਤ ਨੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਦਾ ਪਿੰਡ ਫਫੜੇ ਭਾਈਕੇ ਵਿੱਚ ਪੁਤਲਾ ਫੂਕਿਆ ।
ਜਦੋਂ ਕਿ ਜਥੇਬੰਦੀ ਵੱਲੋਂ ਦਲਿਤ ਨੌਜਵਾਨ ਵਿੱਕੀ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪਿੰਡ ਦੇ ਜ਼ਿੰਮੀਦਾਰ ਦੀ ਗ੍ਰਿਫ਼ਤਾਰੀ ਤੱਕ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਪਿੰਡ ਦੇ ਸਰਪੰਚ ਅਤੇ ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਇਕਬਾਲ ਸਿੰਘ ਨੇ ਕਿਹਾ ਕਿ ਪੰਚਾਇਤ ਦਾ ਇਸ ਮਾਮਲੇ ਵਿੱਚ ਕੋਈ ਰੋਲ ਨਹੀਂ ਹੈ।ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਆਗੂ ਲੋਕਾਂ ਨੂੰ ਗੁੰਮਰਾਹ ਕਰਦੇ ਹਨ।
ਦੂਜੇ ਪਾਸੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਖੁਦਕੁਸ਼ੀ ਲਈ ਜ਼ਿੰਮੇਵਾਰ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਅੰਦੋਲਨ ਜਾਰੀ ਰਹੇਗਾ।