ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਲੁਧਿਆਣਾ 'ਚ ਵਿਰੋਧ, ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼
ਸੰਜੀਵ ਸੂਦ
ਲੁਧਿਆਣਾ, 2 ਅਗਸਤ 2021 - ਲੁਧਿਆਣਾ ਪਹੁੰਚੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੁਝ ਸਿੱਖ ਜਥੇਬੰਦੀਆਂ ਵੱਲੋਂ ਹੱਥਾਂ ਚ ਬੈਨਰ ਫੜ ਕੇ ਗੁਰਦੁਆਰੇ ਦੇ ਬਾਹਰ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਵਿਰੋਧ ਕਰ ਰਹੇ ਸਿੱਖ ਆਗੂਆਂ ਦੇ ਹੱਥਾਂ ਦੇ ਵਿੱਚ ਕੁਝ ਪੋਸਟਰ ਫੜੇ ਹੋਏ ਸਨ ਜੋ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਖਾਈ ਦੇਣ ਜਿਸ ਵਿਚ ਉਨ੍ਹਾਂ ਨੂੰ ਬਾਦਲਾਂ ਦਾ ਗੁਲਾਮ ਦੱਸਿਆ ਗਿਆ ਅਤੇ ਕਿਸੇ ਵਿਚ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਜ਼ਿਕਰ ਕੀਤਾ ਗਿਆ ਅਤੇ ਵਿਰੋਧ ਕਰਨ ਤੋਂ ਬਾਅਦ ਇਹ ਸਿੱਖ ਆਗੂ ਚਲੇ ਗਏ।
ਸਿੱਖ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਸਬੰਧੀ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਵਾਲ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਨੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਨੇ। ਉਨ੍ਹਾਂ ਦੀ ਮਰਿਆਦਾ ਨੂੰ ਭੰਗ ਕਰਨਾ ਚਾਹੁੰਦੇ ਨੇ। ਉਨ੍ਹਾਂ ਕਿਹਾ ਕਿ ਇਹ ਲੋਕ ਕੌਣ ਨੇ ਮੈਂ ਨਹੀਂ ਜਾਣਦਾ ਕਿਉਂਕਿ ਇਨ੍ਹਾਂ ਨੇ ਮੇਰੇ ਨਾਲ ਮਿਲਣ ਦੀ ਵੀ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਮਸਲੇ ਦੇ ਹੱਲ ਬਾਰੇ ਕੋਈ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਐਸਜੀਪੀਸੀ ਦੇ ਪ੍ਰਧਾਨ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਜਾ ਕੇ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵਿਰੋਧ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਰ ਰਹੇ ਨੇ ਜੋ ਕਿ ਬੇਹੱਦ ਸ਼ਰਮਨਾਕ ਹੈ।