← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 03 ਅਗਸਤ 2021: ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜਮਾਂ ਨੇ ਅੱਜ ਗੇਟ ਰੈਲੀ ਕਰਕੇ ਟਰਾਂਸਪੋਰਟ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਬਠਿੰਡਾ ਦੇ ਬੱਸ ਸਟੈਂਡ ਵਿਖੇ ਸੂਬਾ ਆਗੂ ਕੁਲਵੰਤ ਸਿੰਘ , ਕੁਲਦੀਪ ਸਿੰਘ , ਹਰਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜਮਾਂ ਦਾ ਕੋਈ ਹੱਲ ਨਹੀਂ ਕੀਤਾ ਬਲਕਿ ਜਦੋਂ ਵੀ ਮੁਲਾਜਮਾਂ ਵੱਲੋਂ ਹੜਤਾਲ ਕੀਤੀ ਜਾਂਦੀ ਹੈ ਤਾਂ ਮੀਟਿੰਗ ਵਿੱਚ ਮੰਤਰੀ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ ਪਰ ਬਾਅਦ ’ਚ ਸਭ ਕੁੱਝ ਭੁਲਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੱਥੇਬੰੰਦੀਆਂ ਨੇੇ ਮੰਤਰੀ ਨੂੰ 20 ਦਿਨ ਦਾ ਸਮਾਂ ਦਿੱਤਾ ਸੀ ਜਦੋਂਕਿ ਮੰਤਰੀ ਨੇ 7 ਦਿਨ ’ਚ ਮਸਲਾ ਹੱਲ ਕਰਨ ਦੀ ਗੱਲ ਆਖੀ ਸੀ। ਉਨ੍ਹਾਂ ਆਖਿਆ ਕਿ ਇਹ ਸਮਾਂ ਦੋ ਅਗਸਤ ਨੂੰ ਪੂਰਾ ਹੋ ਗਿਆ ਹੈ ਪਰ ਬਦਕਿਸਮਤੀ ਇਹ ਹੈ ਕਿ ਕੈਪਟਨ ਵਾਂਗ ਉਹਨਾਂ ਦੇ ਮੰਤਰੀ ਵੀ ਮੁਲਾਜਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੇ । ਉਨ੍ਹਾਂ ਕਿਹਾ ਕਿ 4 ਘੰਟੇ ਬੱਸ ਸਟੈਂਡ ਬੰਦ ਕਰਕੇ 4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਣਗੇ ਅਤੇ ਬੱਸਾਂ ਵਿੱਚ ਭੰਡੀ ਪ੍ਰਚਾਰ ਅਤੇ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ । ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9-10-11 ਅਗਸਤ ਨੂੰ ਤਿੰਨ ਰੋਜਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਸੁੱਤੀ ਸਰਕਾਰ ਨੂੰ ਜਗਾਉਣਗੇ।
Total Responses : 189