ਵਿਦਿਆਰਥੀਆਂ ਜੱਥੇਬੰਦੀਆਂ ਦੇ ਆਗੂ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 3 ਅਗਸਤ, 2021: ਅੱਜ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਸਾਂਝੇ ਤੌਰ 'ਤੇ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖਿਲਾਫ਼ ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਦੇ ਨੂੰ ਸੀਨੀਅਰ ਸਹਾਇਕ ਜਗਤਾਰ ਸਿੰਘ ਰਾਹੀਂ ਮੰਗ ਪੱਤਰ ਦਿੱਤਾ ਗਿਆ।
ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਮਨਜੀਤ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਰਮਨ ਕਾਲਾਝਾੜ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਬਬਲੂ ਨੇ ਕਿਹਾ ਕਿ ਪਿਛਲੇ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਸਮੇਤ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰੀਜ਼ਨਲ ਸੈਂਟਰਾਂ 'ਚ ਪੜ੍ਹਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ 10 % ਵਾਧਾ ਕੀਤਾ ਗਿਆ ਹੈ ਤੇ ਕਾਂਸਟੀਚੁਐਂਟ ਕਾਲਜਾਂ 'ਚ ਪਡ਼੍ਹਦੇ ਐੱਸ ਸੀ ਕੈਟਾਗਰੀ ਨਾਲ ਸਬੰਧਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸੰਬੰਧੀ ਵੀ ਫੁਰਮਾਨ ਜਾਰੀ ਕੀਤੇ ਗਏ ਹਨ ।
ਜੱਥੇਬੰਦੀਆਂ ਨੇ ਮੰਗ ਕੀਤੀ ਕਿ ਪੋਸਟ ਮ੍ਰੈਟਿਕ ਸਕਾਲਰਸ਼ਿਪ ਸਕੀਮ ਨੂੰ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿੱਚ ਸਹੀ ਢੰਗ ਨਾਲ ਲਾਗੂ ਕਰਵਾਇਆ ਜਾਵੇ। ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸਬੰਧੀ ਪੰਜਾਬੀ ਯੂਨੀਵਰਸਿਟੀ ਸਮੇਤ ਜਿਹੜੇ ਸੰਗਰੂਰ ਜ਼ਿਲ੍ਹੇ ਦੇ ਕਾਲਜ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਮੰਗ ਰਹੇ ਹਨ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਤੋਂ ਗੈਰ-ਕਾਨੂੰਨੀ ਤਰੀਕੇ ਰਾਹੀਂ ਪੀਟੀਏ ਫੰਡ ਮੰਗ ਰਹੀ ਪੰਜਾਬੀ ਯੂਨੀਵਰਸਿਟੀ ਦੇ ਕਾਲਜਾਂ 'ਤੇ ਕਾਰਵਾਈ ਕਰਕੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਵਿਦਿਆਰਥੀ ਜਥੇਬੰਦੀਆਂ ਸੰਘਰਸ਼ ਨੂੰ ਤਿੱਖਾ ਰੂਪ ਦੇਣਗੀਆਂ।