ਅਸ਼ੋਕ ਵਰਮਾ
ਬੁਢਲਾਡਾ, 03 ਅਗਸਤ 2021: ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਬਿਜਲੀ ਦੇ ਬਿੱਲ ਤੇ ਬਕਾਏ ਖ਼ਤਮ ਕਰਨ , ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਤੇ ਖੇਤੀ ਕਾਨੂੰਨਾਂ ਦੀ ਵਾਪਸੀ ਵਰਗੀਆਂ ਮੰਗਾਂ ਨੂੰ ਲੈਕੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 9 ਤੋਂ11ਅਗਸਤ ਤੱਕ ਪਟਿਆਲਾ ਵਿਖੇ ਲਾਏ ਜਾ ਰਹੇ ਮੋਰਚੇ ਦੀ ਤਿਆਰੀ ਸਬੰਧੀ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੁਢਲਾਡਾ ਵਿਖੇ ਜ਼ਿਲੇ ਦੇ ਖੇਤ ਮਜ਼ਦੂਰ ਮਰਦ ਔਰਤਾਂ ਦੀ ਵਿਸ਼ਾਲ ਇਕੱਤਰਤਾ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਕੀਤੀ ਗਈ ਇਸ ਇਕੱਤਰਤਾ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਮਹਿਲਾ ਮਜ਼ਦੂਰ ਆਗੂ ਨਰਿੰਦਰ ਕੌਰ ਆਹਲੂਪੁਰ ਨੇ ਸੰਬੋਧਨ ਕੀਤਾ।
ਉਹਨਾਂ ਆਖਿਆ ਕਿ ਮਜ਼ਦੂਰਾਂ ਕਿਸਾਨਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਖ਼ਤਮ ਕਰਨ ਤੇ ਘਰ ਘਰ ਨੌਕਰੀ ਦੇਣ ਵਰਗੇ ਲਭਾਉਣੇ ਵਾਅਦੇ ਕਰਕੇ ਸਤਾ 'ਚ ਆਈ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਦੇ ਨਾਂ ਤੇ ਮਜ਼ਦੂਰ ਵਰਗ ਨਾਲ ਧੋਖਾ ਕੀਤਾ ਹੈ ਅਤੇ ਬਿਜਲੀ ਬਿੱਲਾਂ ਦੇ ਰੇਟਾਂ 'ਚ ਅਥਾਹ ਵਾਧਾ ਕਰਕੇ ਮਜ਼ਦੂਰ ਘਰਾਂ ਚੋਂ ਮੀਟਰ ਵੀ ਪੁੱਟ ਦਿੱਤੇ ਗਏ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਕਰਕੇ ਅੱਜ਼ ਖੇਤ ਮਜ਼ਦੂਰ ਬੇਰੁਜ਼ਗਾਰੀ ,ਕਰਜ਼ੇ ਤੇ ਮਹਿੰਗਾਈ ਦੇ ਝੰਬੇ ਹੋਏ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਬਾਂਹ ਫੜਨ ਲਈ ਤਿਆਰ ਨਹੀਂ। ਉਹਨਾਂ ਆਖਿਆ ਕਿ ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਮਜ਼ਦੂਰ ਵਰਗ ਨੂੰ ਮਾਲਕਾਂ ਦੇ ਮੂਹਰੇ ਨੂੜ ਕੇ ਸੁੱਟਣ ਦਾ ਸੰਦ ਹਨ।
ਉਹਨਾਂ ਆਖਿਆ ਕਿ ਨਵੇਂ ਖੇਤੀ ਕਾਨੂੰਨ ਖੇਤ ਮਜ਼ਦੂਰਾਂ ਨੂੰ ਹੋਰ ਵੀ ਬੇਰੁਜ਼ਗਾਰੀ ਤੇ ਭੁੱਖਮਰੀ ਦੇ ਜੁਬਾੜਿਆਂ 'ਚ ਧੱਕਣਗੇ। ਉਹਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਕਰਜ਼ੇ ਤੇ ਬਿਜਲੀ ਬਿੱਲਾਂ ਦੀ ਮੁਆਫ਼ੀ , ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਾਉਣ , ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗਰਾਂਟ ਦੇਣ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਠੇਕੇ ਤੇ ਦੇਣ ਦੀ ਗਰੰਟੀ ਕਰਨ, ਜ਼ਮੀਨੀ ਸੁਧਾਰ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਮਜ਼ਦੂਰਾਂ ਤੇ ਗਰੀਬ ਕਿਸਾਨਾਂ 'ਚ ਕਰਨ , ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਅਤੇ ਮਜ਼ਦੂਰਾਂ ਉਤੇ ਜ਼ਬਰ ਬੰਦ ਕਰਨ ਆਦਿ ਮੰਗਾਂ ਲਈ ਪਟਿਆਲਾ ਵਿਖੇ ਲਾਏ ਜਾ ਰਹੇ ਮੋਰਚੇ 'ਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਮਜ਼ਦੂਰ ਆਗੂ ਜਗਸੀਰ ਸਿੰਘ ਦਿਆਲਪੁਰਾ, ਗੁਰਦੀਪ ਸਿੰਘ ਆਹਲੂਪੁਰ , ਗੁਰਚਰਨ ਸਿੰਘ ਖੁਡਾਲ ਸ਼ੇਖੂਪੁਰ,ਕੇਵਲ ਸਿੰਘ ਤੇ ਨੈਬ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਕੈਪਟਨ ਸਰਕਾਰ ਖ਼ਿਲਾਫ਼ ਮਜ਼ਦੂਰ ਵਰਗ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਜ਼ਿਲੇ ਚੋਂ ਸੈਂਕੜਿਆਂ ਦੀ ਗਿਣਤੀ ਚ ਪਟਿਆਲਾ ਮੋਰਚੇ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਦਿਆਲਪੁਰਾ ,ਜਗਸੀਰ ਸਿੰਘ ਦੋਦੜਾ ਤੇ ਸਰੋਜ ਦਿਆਲਪੁਰਾ ਨੇ ਮਜ਼ਦੂਰਾਂ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।