ਜੀ ਐਸ ਪੰਨੂ
ਫ਼ਤਹਿਗੜ੍ਹ ਸਾਹਿਬ, 03 ਅਗਸਤ, 2021: ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਪੰਜਾਬ ਭਰ ਵਿੱਚ ਮੈਗਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ ਸਰਕਾਰ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਪਤ ਕੀਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਰੀਏ
09 ਸਤੰਬਰ ਤੋਂ 17 ਸਤੰਬਰ ਤੱਕ ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਨੁਮਇੰਦਿਆਂ ਨਾਲ ਬੱਚਤ ਭਵਨ ਵਿਖੇੇ ਮੀਟਿੰਗ ਦੌਰਾਨ ਦੱਸਿਆ ਤੇ ਕਿਹਾ ਕਿ ਰੁਜ਼ਗਾਰ ਮੇਲਿਆਂ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਹੋ ਸਕੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਿਰਕਤ ਕਰਵਾਉਣਾ ਅਤੇ ਮੇਲੇ ਵਿੱਚ ਭਾਗ ਲੈਣ ਲਈ ਨੌਜਵਾਨਾਂ ਨੂੰ ਆਨ-ਲਾਈਨ ਪੋਰਟਲ 'ਤੇ ਰਜਿਸਟਰ ਕਰਵਾਉਣਾ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 09 ਸਤੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, 10 ਸਤੰਬਰ ਨੂੰ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਅਤੇ 17 ਸਤੰਬਰ ਨੂੰ ਕੋਰਡੀਆ ਕਾਲਜ, ਸੰਘੋਲ ਵਿਖੇ ਰੁਜ਼ਗਾਰ ਮੇਲੇ ਲਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਾਲਜਾਂ ਤੇ ਯੂਨੀਵਰਸਿਟੀ ਦੇ ਨੁਮਇੰਦਿਆਂ ਨੂੰ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ PGRKAM ਪੋਰਟਲ 'ਤੇ ਰਜਿਸਟਰਡ ਕਰਵਾਉਣ ਲਈ ਵੀ ਕਿਹਾ ਅਤ ਕਿਹਾ ਕਿ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਾਗ ਲੈਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਰੁਜ਼ਗਾਰ ਹਾਸਲ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਤੇ ਟਰੇਨਿੰਗ ਅਫਸਰ ਰੁਪਿੰਦਰ ਕੌਰ ਨੇ ਮੇਲੇ ਲਈ ਪ੍ਰਾਪਤ ਹੋਈਆਂ ਅਸਾਮੀਆਂ ਬਾਰੇ ਨੁਮਇੰਦਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਇਨ੍ਹਾਂ ਰੁਜ਼ਗਾਰ ਮੇਲਿਆਂ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਖਾਸ ਤੌਰ 'ਤੇ ਪਿੰਡਾਂ ਦੇ ਨੌਜਵਾਨਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਵਿਭਾਗਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਪ੍ਰਾਰਥੀ ਵੱਲੋਂ ਆਪਣੇ ਆਪ ਨੂੰ PGRKAM ਪੋਰਟਲ 'ਤੇ ਰਜਿਸਟਰਡ ਕਰਵਾਉਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਜੇਕਰ ਆਪ ਖੁਦ ਰਜਿਸਟਰਡ ਨਹੀਂ ਕਰ ਸਕਦੇ ਤਾਂ ਲੋੜ ਪੈਣ 'ਤੇ ਉਹ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰ: 99156-82436 ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।