ਠੇਕਾ ਮੁਲਾਜਮਾਂ ਵੱਲੋਂ ਸਪੋਰਟਸ ਸਕੂਲ ਘੁੱਦਾ ਵਿੱਚ ਰੋਸ ਪ੍ਰਦਰਸ਼ਨ
ਅਸ਼ੋਕ ਵਰਮਾ
ਬਠਿੰਡਾ,4 ਅਗਸਤ2021:ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਸਮੂਹ ਸਟਾਫ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵੱਲੋਂ ਠੇਕਾ ਮੁਲਾਜਮ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮ ਰੈਗੂਲਰ ਕਰਨ ਦੀ ਮੰਗ ਕੀਤੀ। ਅੱਜ ਦੇ ਰੋਸ ਪ੍ਰਦਰਸ਼ਨ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਨੌਜਵਾਨ ਭਾਰਤ ਸਭਾ ਨੇ ਹਮਾਇਤ ਦਿੱਤੀ। ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਆਗੂ ਗਗਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਡੇ ਵੱਡੇ ਹੋਰਡਿੰਗ ਲਾ ਕੇ ਦਾਅਵਾ ਕਰ ਰਹੀ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਜਵਾਨੀ ਨੂੰ ਬਚਾਉਣ ਲਈ ਵਧੀਆ ਖੇਡ੍ਹ ਨੀਤੀ ਬਣਾਈ ਜਾ ਰਹੀ ਹੈ ।
ਉਨ੍ਹਾਂ ਕਿਹਾ ਕਿ ਸੂਬੇ ਦੇ ਇੱਕੋ ਇੱਕ ਸਪੋਰਟਸ ਸਕੂਲ ਘੁੱਦਾ ’ਚ ਸਿਰਫ ਠੇਕਾ ਮੁਲਾਜਮ ਹਨ ਜਿੰਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਠੇਕਾ ਮੁਲਾਜਮਾਂ ਅਤੇ ਕੋਚਾਂ ਨੂੰ ਛੇ ਛੇ ਮਹੀਨੇ ਬਿਨਾਂ ਤਨਖਾਹ ਤੋਂ ਗੁਜ਼ਾਰਾ ਕਰਨਾ ਪੈਂਦਾ ਹੈ ਜੋਕਿ ਸਰਕਾਰੀ ਨੀਤੀ ਅਤੇ ਨੀਅਤ ਨੂੰ ਨੰਗਾ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਪੰਜਾਬ ਦੇ ਸਾਰੇ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਆਗੂ ਹਰਗੋਬਿੰਦ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ ਤੋਂ ਇਲਾਵਾ ਗਗਨਦੀਪ ਕੌਰ, ਬਲਜਿੰਦਰ ਕੌਰ, ਹਰਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ।