400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 4 ਅਗਸਤ 2021 - ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲੇ ਦੇ ਵੱਖ-ਵੱਖ ਸਕੂਲਾਂ ਅੰਦਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਮਲ ਸੇਤੀਆ ਦੀ ਯੋਗ ਅਗਵਾਈ ਹੇਠ ਸਕੂਲ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੱਤਪਾਲ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਮਿਡਲ ਅਤੇ ਸੀਨੀਅਰ ਸੈਕੰਡਰੀ ਵਰਗਾਂ ਦੇ ਬੱਚਿਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਇਹ ਮੁਕਾਬਲੇ ਕਰਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੇ ਬਲੀਦਾਨ, ਉਨ੍ਹਾਂ ਦੀ ਸਿੱਖਿਆਵਾਂ ਸਬੰਧੀ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਮਿਡਲ ਸਕੂਲਾਂ ਦੇ ਇੰਚਾਰਜ਼ ਸਾਹਿਬਾਨ ਦੇ ਨਾਲ-ਨਾਲ ਗਾਈਡ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਭਾਸ਼ਣ ਮੁਕਾਬਲੇ ਸਬੰਧੀ ਤਿਆਰੀ ਕਰਵਾਈ ਗਈ।
ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਗੁਰਮਰਿਯਾਦਾ ਦਾ ਪੂਰਾ ਧਿਆਨ ਰੱਖਦਿਆਂ ਆਪਣੀ ਭਾਸ਼ਣ ਕਲਾ ਰਾਹੀਂ ਗੁਰੂ ਸਾਹਿਬ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੱਚਿਆਂ ਨੇ ਵੱਖ-ਵੱਖ ਆਨਲਾਈਨ ਮੁਕਾਬਲਿਆਂ ਰਾਹੀਂ ਵੀ ਗੁਰੂ ਸਾਹਿਬ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਜ਼ਿਲਾ ਵਿੱਦਿਅਕ ਮੁਕਾਬਲਿਆਂ ਦੇ ਸੈਕੰਡਰੀ ਵਿਭਾਗ ਦੇ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਵੀ ਹਾਜ਼ਰ ਸਨ।