ਗੁਰਦੁਆਰਾ ਸ੍ਰੀ ਬੇਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਮੱਸਿਆ ਦੇ ਦਿਹਾੜੇ ਤੇ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਏ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 8 ਸਤੰਬਰ 2021- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵ ਨਾਲ ਮਨਾਇਆ ਗਿਆ । ਇਸ ਗੁਰਪੁਰਬ ਤੇ ਮੱਸਿਆ ਦੇ ਦਿਹਾੜੇ ਦੇ ਮੌਕੇ ਤੇ ਅੱਜ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ । ਇਸ ਸਮੇਂ ਦੇਸ਼ ਵਿਦੇਸ਼ ਤੇ ਦੂਰ ਦੁਰਾਡੇ ਤੋਂ ਹਜਾਰਾਂ ਦੀ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਈ ।
ਦੀਵਾਨ 'ਚ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਗੁਰਬਾਣੀ ਤੇ ਗੁਰ ਇਤਿਹਾਸ ਦੀ ਕਥਾ ਸੁਣਾਈ ।ਉਪਰੰਤ ਭਾਈ ਲਛਮਣ ਸਿੰਘ ਖਾਨਪੁਰੀ, ਭਾਈ ਕ੍ਰਿਪਾਲ ਸਿੰਘ ਕੋਮਲ (ਦੋਵੇਂ ਢਾਡੀ ਜਥੇ), ਭਾਈ ਸਤਨਾਮ ਸਿੰਘ ਫਰੀਦ ਸਰਾਏ, ਭਾਈ ਨਿਸ਼ਾਨ ਸਿੰਘ ਝਬਾਲ, ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਜਗਤਾਰ ਸਿੰਘ ਬੱੱਗਾ ,ਭਾਈ ਰਾਜ ਸਿੰਘ ਆਹਲੀ ਆਦਿ ਜਥਿਆਂ ਨੇ ਦੀਵਾਨ ਦੀ ਹਾਜਰੀ ਭਰੀ। ਸਟੇਜ ਦੀ ਸੇਵਾ ਭਾਈ ਹਰਵਿੰਦਰ ਸਿੰਘ ਪ੍ਰਚਾਰਕ ਵੱਲੋਂ ਨਿਭਾਈ ਗਈ ।
ਇਸਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਮੂਹ ਸਟਾਫ ਵੱਲੋਂ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਤੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਲ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਨੂੰ ਸੇਧ ਦੇਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਵਿੱਚੋਂ ਮਨੁੱਖ ਨੂੰ ਧਾਰਮਿਕ, ਸਮਾਜਿਕ, ਰਾਜਨੀਤਕ, ਵਿਗਿਆਨਕ ਅਤੇ ਬ੍ਰਹਿਮੰਡੀ ਭਾਵ ਹਰ ਤਰ੍ਹਾਂ ਦੀ ਅਗਵਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮਾਜਿਕ ਜ਼ੁੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ। ਉਪਰੰਤ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਸਮਾਗਮ 'ਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।
ਇਸ ਸਮੇਂ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ । ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ ਚਾਹ-ਪਕੌੜੇ ਦੇ ਲੰਗਰ ਲਗਾਏ ਗਏ ਤੇ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ ਦੀ ਦੇਖ ਰੇਖ ਚ ਜਲ ਦੀ ਛਬੀਲ ਲਗਾਈ ਗਈ । ਜੋੜੇ ਘਰ ਦੀ ਸੇਵਾ ਸ੍ਰੀ ਗੁਰੂ ਨਾਨਕ ਸੇਵਾ ਸੋਸਾਇਟੀ ਵੱਲੋਂ , ਮੋਟਰ ਸਾਈਕਲ ਸਟੈਂਡ ਦੀ ਸੇਵਾ ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੋਸਾਇਟੀ ਤੇ ਹੋਰ ਜਥੇਬੰਦੀਆਂ ਵੱਲੋਂ ਸੇਵਾਵਾਂ ਕੀਤੀਆਂ ਗਈਆਂ ।
ਤ