ਕਪੂਰਥਲਾ: 23 ਨੂੰ ਪੀ.ਟੀ.ਯੂ ਵਿਖੇ ਹੋਵੇਗਾ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ
ਬਲਵਿੰਦਰ ਸਿੰਘ ਧਾਲੀਵਾਲ
- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਸ਼ਿਰਕਤ
- ਡਿਪਟੀ ਕਮਿਸ਼ਨਰ ਅਤੇ ਰਜਿਸਟਰਾਰ ਪੀ.ਟੀ.ਯੂ ਵਲੋਂ ਤਿਆਰੀਆਂ ਦਾ ਜਾਇਜ਼ਾ
ਸੁਲਤਾਨਪੁਰ ਲੋਧੀ,9 ਸਤੰਬਰ-2021 - ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੌਰਾਨ ਨੌਕਰੀ ਲਈ ਚੁਣੇ ਜਾਣ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 23 ਸਤੰਬਰ ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਪ੍ਰਦਾਨ ਕੀਤੇ ਜਾਣਗੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਯੂਨੀਵਰਸਿਟੀ ਦੇ ਰਜਿਸਟਰਾਰ ਸ.ਜਸਪ੍ਰੀਤ ਸਿੰਘ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿਤੱਯਾ ਉੱਪਲ ਅਤੇ ਵਧੀਕ ਡਿਪਟੀ ਕਮਿਸ਼ਨਰ(ਵ) ਐਸ.ਪੀ ਆਂਗਰਾ ਤੇ ਸਮੂਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਯੂਨੀਵਰਸਿਟੀ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਮੀਟਿੰਗ ਕੀਤੀ ਗਈ।
ਉਨਾਂ ਦੱਸਿਆ ਕਿ 7ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਪੰਜਾਬ ਭਰ ਤੋਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਪੰਜਾਬ ਵਲੋਂ ਦਿੱਤੇ ਜਾਣੇ ਹਨ। ਉਨਾਂ ਦੱਸਿਆ ਕਿ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਜਿਨਾਂ ਵਲੋਂ ਨੌਜਵਾਨਾਂ ਦੀ ਆਮਦ,ਸੁਰੱਖਿਆ,ਸੁਚਾਰੂ ਆਵਾਜਾਈ,ਸਾਫ-ਸਫਾਈ ,ਮੈਡੀਕਲ ਸਹੂਲਤਾਂ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।
ਉਨਾਂ ਸਿਵਲ ਸਰਜਨ ਤੇ ਹੋਰਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਦੌਰਾਨ ਕੋਵਿਡ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਦੇ ਨਾਲ-ਨਾਲ ਸੈਨੀਟਾਇਜ਼ਰ ਅਤੇ ਮਾਸਕਾਂ ਦੀ ਵੱਡੀ ਗਿਣਤੀ ਵਿੱਚ ਉਪਲੱਬਤਤਾ ਯਕੀਨੀ ਬਣਾਉਣ।
ਇਸ ਮੌਕੇ ਐਸ.ਪੀ ਜਸਬੀਰ ਸਿੰਘ, ਐਸ.ਡੀ.ਐਮ ਕਪੂਰਥਲਾ ਡਾ.ਜੈ ਇੰਦਰ ਸਿੰਘ,ਸਿਵਲ ਸਰਜਨ ਡਾ.ਪਰਮਿੰਦਰ ਕੌਰ,ਐਕਸੀਐਨ ਸਰਬਰਾਜ ਤੇ ਪਵਨ ਕੁਮਾਰ,ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਮੁਖੀ ਨੀਲਮ ਮਹੇ,ਡੀ.ਐਫ.ਐਸ.ਈ ਗੀਤਾ ਬਿਸ਼ੰਭੂ ,ਜ਼ਿਲ੍ਹਾ ਮਾਲ ਅਫਸਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ।