ਠੇਕਾ ਮੁਲਾਜ਼ਮਾਂ ਵੱਲੋਂ ਪੈਂਦੇ ਮੀਂਹ 'ਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ
ਜਗਤਾਰ ਸਿੰਘ
ਪਟਿਆਲਾ 11 ਅਗਸਤ 2021: ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜਮਾਂ ਵੱਲੋਂ ਵਿਭਾਗਾਂ ਵਿੱਚ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਠੀਕਰੀ ਵਾਲਾ ਚੌਕ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ’ਤੇ ਪਰਿਵਾਰਾਂ ਸਮੇਤ ਲਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਭਾਰੀ ਮੀਂਹ ਵਿੱਚ ਵੀ ਲਗਾਤਾਰ ਜਾਰੀ ਰਿਹਾ। ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂ,ਬਲਿਹਾਰ ਸਿੰਘ,ਜਗਸੀਰ ਸਿੰਘ ਭੰਗੂ,ਸ਼ੇਰ ਸਿੰਘ ਖੰਨਾ,ਕੁਲਦੀਪ ਸਿੰਘ ਬੁੱਢੇਵਾਲ,ਵਰਿੰਦਰ ਸਿੰਘ ਬੀਬੀਵਾਲਾ,ਜਗਜੀਤ ਸਿੰਘ ਭਦੌੜ,ਬਲਕਾਰ ਸਿੰਘ,ਸੁਖਪਾਲ ਸਿੰਘ ਨੇ ਕੈਪਟਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ।
ਸਰਕਾਰ ਨੇ ਆਪਣੇ ਮੰਤਰੀਆਂ-ਵਿਧਾਇਕਾਂ ਦੇ ਪੁੱਤਰਾਂ ਨੂੰ ਤਾਂ ਪੱਕੀਆਂ ਨੌਕਰੀਆਂ ਦੇ ਦਿੱਤੀਆਂ ਪਰ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸ਼ੇ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਮੁਲਾਸ਼ਮਾਂ ਨੂੰ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਰੈਗੂਲਰ ਨਹੀਂ ਕੀਤਾ। ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ,ਆਊਟਸੋਰਸਿੰਗ,ਕੰਪਨੀਆਂ,ਇਨਲਿਸਟਮੈਂਟ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਵੇਂ ਲਿਆਂਦੇ ਜਾ ਰਹੇ ਐਕਟ ਵਿੱਚ ਸਮੂਹ ਕੈਟਾਗਿਰੀਆਂ ਨੂੰ ਸ਼ਾਮਿਲ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ।ਇਸ ਸਮੇਂ ਭਰਾਤਰੀ ਹਮਾਇਤ ਵਜੋਂ ਡੀਟੀਐੱਫ ਤੋਂ ਤਲਵਿੰਦਰ ਸਿੰਘ ਹਾਜ਼ਰ ਸਨ।