ਪੰਜਾਬ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ ਵੱਲੋਂ ਧਰਨਾ
ਜਗਤਾਰ ਸਿੰਘ
ਪਟਿਆਲਾ 12 ਅਗਸਤ 2021: ਪੰਜਾਬ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਬੀਐਡ ਟੈਟ ਪਾਸ ਯੂਨੀਅਨ ਦੇ ਵਰਕਰਾਂ ਵੱਲੋਂ ਫੁਹਾਰਾਂ ਚੋਂਕ ਤੇ ਧਰਨਾ ਲਗਾ ਦਿੱਤਾ ਹੈ। ਇਸ ਮੌਕੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ। ਪਰ ਹਾਲੇ ਤਕ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤਾ ਗਿਆ ਇਸ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਧਰਨਾ ਲਗਾਇਆ ਗਿਆ ਉਨ੍ਹਾਂ ਕਿਹਾ ਜਦੋਂ ਤਕ ਸਰਕਾਰ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤਕ ਉਹ ਸੰਘਰਸ਼ ਕਰਦੇ ਰਹਿਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕੁ ਪਿਛਲੇ ਲਗਪਗ ਅੱਠ ਮਹੀਨਿਆਂ ਤੋਂ ਬੇਰੁਜ਼ਗਾਰਾਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ ਪੱਕਾ ਧਰਨਾ ਲਾਇਆ ਹੋਇਆ ਹੈ ਅਤੇ ਦੂਜਾ ਧਰਨਾ ਸੰਗਰੂਰ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ ਜਿਥੇ ਮਨੀਸ ਫ਼ਾਜ਼ਲਿਕਾ 21 ਅਗਸਤ ਤੋਂ ਅਸਾਮੀਆਂ ਦੀ ਮੰਗ ਲਈ ਟੈਂਕੀ ਤੇ 'ਚੜ੍ਹਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਿਤੈਸ਼ੀ ਅਖਵਾਉਣ ਵਾਲੀ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੇਰੁਜ਼ਗਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ।
ਜਦੋਂ ਬੇਰੁਜ਼ਗਾਰ ਇਨ੍ਹਾਂ ਵਾਅਦਿਆਂ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਗੱਲਬਾਤ ਕਰਨ ਲਈ ਜਾਂਦੇ ਹਨ ਤਾਂ ਬੇਰੁਜ਼ਗਾਰਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਮਿਲਣ ਨਹੀਂ ਦਿੱਤਾ ਜਾਂਦਾ ਸਗੋਂ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਕੇ ਗ੍ਰਿਫਤਾਰ ਕਰਕੇ ਥਾਣਿਆਂ 'ਚ ਡੱਕ ਦਿੱਤਾ ਜਾਂਦਾ ਹੈ ਤੇ ਲੋਕਤੰਤਰਿਕ ਤਰੀਕੇ ਨਾਲ ਰੁਜ਼ਗਾਰ ਮੰਗਣ 'ਤੇ ਪਰਚੇ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਵੋਟਾਂ ਸਮੇਂ ਕੀਤੇ ਇਨ੍ਹਾਂ ਰੁਜ਼ਗਾਰ ਸੰਬੰਧੀ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ 2022 ਵੋਟਾਂ ਸਮੇਂ ਕਾਂਗਰਸੀ ਵਿਧਾਇਕਾਂ ਨੂੰ ਬੇਰੁਜ਼ਗਾਰਾਂ ਦੇ ਰੁਜ਼ਗਾਰ ਸੰਬੰਧੀ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਅਮਨ ਸੇਖਾ, ਸਰਵਰਿੰਦਰ ਤੇ ਗੁਰਪ੍ਰੀਤ ਖੰਨਾ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੀਵਨ ਸਿੰਘ, ਸੁਸੀਲ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।