ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਲਾਲ਼ ਸਿੰਘ, ਮੁੱਖ ਮੰਤਰੀ ਦੇ ਪ੍ਰਿੰਸੀਪਾਲ ਸਕੱਤਰ ਐੱਮ. ਪੀ. ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ਼ 23 ਸਤੰਬਰ ਨੂੰ ਮੀਟਿੰਗ ਤੈਅ
ਦਲਜੀਤ ਕੌਰ ਭਵਾਨੀਗੜ੍ਹ
ਪਟਿਆਲਾ 13 ਸਤੰਬਰ, 2021: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤੇ ਅੱਜ ਹਜ਼ਾਰਾਂ ਮਜ਼ਦੂਰਾਂ ਵੱਲੋਂ ਬਰਾਦਰੀ ਲਾਗੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਵਿਖੇ ਪੰਜਾਬ ਸਰਕਾਰ ਖਿਲਾਫ਼ ਰੋਸ਼ ਰੈਲੀ ਕੀਤੀ ਗਈ। ਇਸ ਰੈਲੀ ਦੇ ਇਕੱਠੇ ਹੋਏ ਮਜ਼ਦੂਰਾਂ ਦੇ ਰੋਹ ਅੱਗੇ ਝੁਕਦਿਆਂ ਕੈਪਟਨ ਸਰਕਾਰ ਮਜ਼ਦੂਰਾਂ ਦੇ ਪੱਟੇ ਹੋਏ ਮੀਟਰ ਬਿਨਾਂ ਸ਼ਰਤ ਜੋੜਨ, ਅੱਗੇ ਤੋਂ ਮੀਟਰ ਪੱਟਣੇ ਬੰਦ ਕਰਨ ਤੇ ਬਕਾਏ ਪਾਸੇ ਰੱਖਕੇ ਅੱਗੇ ਤੋਂ ਕਰੰਟ ਬਿੱਲ ਭੇਜਣ ਅਤੇ ਮਜ਼ਦੂਰਾਂ ਦੇ ਕੱਟੇ ਹੋਏ ਪਲਾਟਾਂ ਦਾ ਕਬਜ਼ਾ ਇੱਕ ਮਹੀਨੇ ਚ ਦੇਣ, ਰਿਹਾਇਸ਼ੀ ਪਲਾਟ ਅਲਾਟ ਕਰਨ ਅਤੇ ਪੰਚਾਇਤੀ ਜ਼ਮੀਨਾਂ ਦੀਆਂ ਡੰਮੀ ਬੋਲੀਆਂ ਵਾਲ਼ੇ ਵਿਵਾਦ ਗ੍ਰਸਤ ਥਾਵਾਂ ਦਾ ਨਿਪਟਾਰਾ ਕਰਨ ਦੇ ਲਿਖ਼ਤੀ ਪੱਤਰ ਜ਼ਾਰੀ ਕਰਨ ਲਈ ਮਜ਼ਬੂਰ ਹੋ ਗਈ। ਜਿਸ ਕਾਰਨ ਮਜ਼ਦੂਰ ਜਥੇਬੰਦੀਆਂ ਵੱਲੋਂ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਜੇਤੂ ਰੈਲੀ ਕਰਕੇ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ।
ਇਸ ਤੋਂ ਇਲਾਵਾ ਮਜ਼ਦੂਰਾਂ ਦੀਆਂ ਬਾਕੀ ਮੰਗਾਂ ਸਹਿਕਾਰੀ, ਸਰਕਾਰੀ ਤੇ ਗੈਰਸਰਕਾਰੀ ਕਰਜ਼ੇ ਦੀ ਮੁਆਫ਼ੀ, ਸਹਿਕਾਰੀ ਸਭਾਵਾਂ ਵਿੱਚ ਬਿਨਾਂ ਸ਼ਰਤ ਬੇਜ਼ਮੀਨੇ ਮਜ਼ਦੂਰਾਂ ਨੂੰ ਮੈਂਬਰ ਬਣਾਉਣ, ਕੱਟੇ ਹੋਏ ਨੀਲੇ ਕਾਰਡ ਬਹਾਲ ਕਰਨ ਤੇ ਲੋੜਵੰਦ ਪਰਿਵਾਰਾਂ ਦੇ ਕਾਰਡ ਬਣਾਉਣ ਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ, ਬੁਢਾਪਾ ਪੈਨਸ਼ਨਾਂ ਦੀ ਰਾਸ਼ੀ ਚ ਵਾਧਾ ਕਰਨ ਤੇ ਉਮਰ ਹੱਦ ਘਟਾਉਣ, ਸਮਾਜਿਕ ਜ਼ਬਰ ਦੇ ਖਾਤਮੇ ਤੇ ਦਰਜ਼ ਐੱਸ ਸੀ ਐਕਟ ਤਹਿਤ ਦਰਜ ਕੇਸਾਂ ਸੰਬੰਧੀ ਬਣਦੀ ਕਾਰਵਾਈ ਕਰਨ ਆਦਿ ਦੇ ਨਿਪਟਾਰੇ ਲਈ 23 ਸਤੰਬਰ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ਼ ਸਿੰਘ, ਮੁੱਖ ਮੰਤਰੀ ਦੇ ਪ੍ਰਿੰਸੀਪਾਲ ਸਕੱਤਰ ਐੱਮ. ਪੀ. ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ਼ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਮੀਟਿੰਗ ਬਾਰੇ ਵੀ ਪੱਤਰ ਅਧਿਕਾਰੀਆਂ ਵਲੋਂ ਮਜ਼ਦੂਰ ਆਗੂਆਂ ਨੂੰ ਸੌਂਪਿਆ ਗਿਆ।
ਇਸ ਮੌਕੇ ਹਜ਼ਾਰਾਂ ਮਜ਼ਦੂਰਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਦਿਹਾਤੀ ਮਜ਼ਦੂਰ ਸਭਾ ਦੇ ਸਕੱਤਰ ਬਲਦੇਵ ਸਿੰਘ ਨੂਰਪੁਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਖਵੀਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਮਜ਼ਦੂਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਅਤੇ 25 ਅਗਸਤ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੇ ਫੈਸਲੇ ਲਾਗੂ ਕਰਨ ਤੋਂ ਵੀ ਭੱਜ ਗਈ ਹੈ।
ਇਸ ਮੌਕੇ ਮਜ਼ਦੂਰ ਆਗੂਆਂ ਨੇ ਇਸ ਨੂੰ ਅੰਸ਼ਕ ਜਿੱਤ ਕਰਾਰ ਦਿੰਦਿਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ ਕੀਤਾ। ਇਸ ਸਬੰਧੀ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁੱਗਸ਼ੋਰ ਤੇ ਬਲਦੇਵ ਸਿੰਘ ਨੂਰਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਫੈਸਲਿਆਂ ਬਾਰੇ ਪਟਿਆਲਾ ਦੇ ਤਹਿਸੀਲਦਾਰ ਤੇ ਐੱਸ ਪੀ ਕੇਸਰ ਸਿੰਘ ਵੱਲੋਂ ਮਜ਼ਦੂਰਾਂ ਦੇ ਇਕੱਠ ਚ ਆਕੇ ਐਲਾਨ ਕੀਤਾ ਗਿਆ ਤੇ ਪੱਤਰ ਸੌਂਪੇ ਗਏ। ਉਨ੍ਹਾ ਦੱਸਿਆ ਕਿ ਅੱਜ ਸਵੇਰ ਤੋਂ ਹੀ ਡੀ. ਆਈ. ਜੀ. ਸ੍ਰੀ ਗੁਰਪ੍ਰੀਤ ਸਿੰਘ ਤੂਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਟਿਆਲਾ ਵੱਲੋਂ ਮਜ਼ਦੂਰ ਆਗੂਆਂ ਨਾਲ਼ ਕਈ ਗੇੜ ਦੀ ਗੱਲਬਾਤ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਜ਼ਦੂਰ ਆਗੂ ਹਰਮੇਸ਼ ਮਾਲੜੀ, ਅਵਤਾਰ ਸਿੰਘ ਰਸੂਲਪੁਰ, ਮੱਖਣ ਸਿੰਘ ਰਾਮਗੜ੍ਹ, ਬਲਵਿੰਦਰ ਸਿੰਘ ਜਲੂਰ, ਪ੍ਰਗਟ ਸਿੰਘ ਕਾਲਾਝਾੜ, ਚਮਨ ਦਰਾਜਕੇ, ਗੁਲਜ਼ਾਰ ਗੌਰੀਆ ਨੇ ਵੀ ਸੰਬੋਧਨ ਕੀਤਾ।